ਕਵਿਤਾ ਮੁਕਾਬਲੇ ’ਚ ਲਲਹੇੜੀ ਸਕੂਲ ਦੀ ਹਰਪ੍ਰੀਤ ਅੱਵਲ
ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਅਤੇ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪ੍ਰਮੁੱਖ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਵਿੱਚ ‘ਵਾਤਾਵਰਨ ਸੁੰਦਰਤਾ ਤੇ ਸੁਹੱਪਣ’ ਵਿਸ਼ੇ ’ਤੇ ਰਾਸ਼ਟਰੀ ਕਵਿਤਾ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਿੰਪਲ ਮਦਾਨ, ਬਲਾਕ ਨੋਡਲ ਅਫ਼ਸਰ ਬਲਜੀਤ ਸਿੰਘ ਅਤੇ ਪ੍ਰਿੰਸੀਪਲ ਨਰਿੰਦਰ ਵਰਮਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਲਲਹੇੜੀ ਸਕੂਲ ਦੀ ਹਰਪ੍ਰੀਤ ਕੌਰ ਨੇ ਬਲਾਕ ਖੰਨਾ-2 ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਨੈਸ਼ਨਲ ਐਵਾਰਡੀ ਡਾ. ਬਲਰਾਮ ਸ਼ਰਮਾ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਵਾਤਾਵਰਨ ਦੀ ਸੁੰਦਰਤਾ ਅਤੇ ਸੁਹੱਪਣ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਰਾਕੇਸ਼ ਕੁਮਾਰ, ਅਨਮੋਲ ਸੂਦ, ਕਰਮ ਸਿੰਘ, ਕਮਲਜੀਤ ਕੌਰ ਨੇ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।