ਸਿਹਤ ਮੰਤਰੀ ਵੱਲੋਂ ਘਰ-ਘਰ ਡੇਂਗੂ ਦੇ ਲਾਰਵੇ ਦੀ ਜਾਂਚ
ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ’ ਤਹਿਤ ਖੰਨਾ ਦੇ ਆਜ਼ਾਦ ਨਗਰ ਅਤੇ ਨਰੋਤਮ ਨਗਰ ਇਲਾਕੇ ਵਿਚ ਸਿਹਤ ਵਿਭਾਗ ਦੀ ਟੀਮ ਨਾਲ ਲੋਕਾਂ ਦੇ ਘਰਾਂ ਵਿਚ ਮੱਛਰ ਦਾ ਲਾਰਵਾ ਚੈੱਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਮੇਤ ਸਰਕਾਰੀ ਤੇ ਪ੍ਰਾਈਵੇਟ ਨਰਸਿੰਗ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਅਤੇ ਆਸ਼ਾ ਵਰਕਰਾਂ ਨੇ ਹਾਟ ਸਪਾਟ ਇਲਾਕਿਆਂ ਵਿਚ ਚੈਕਿੰਗ ਦੌਰਾਨ ਮੌਕੇ ’ਤੇ ਲਾਰਵੇ ਨੂੰ ਨਸ਼ਟ ਕਰਵਾਇਆ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਕਰਦੇ ਹੋਏ ਪੰਜਾਬ ਨੂੰ ਨਸ਼ਾ ਮੁਕਤ, ਡੇਂਗੂ ਅਤੇ ਹੋਰ ਬਿਮਾਰੀਆਂ ਤੋਂ ਮੁਕਤ ਕਰਕੇ ਤੰਦਰੁਸਤ ਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ, ਫਰਿੱਜਾਂ, ਕੂਲਰਾਂ, ਛੱਤਾਂ ਤੇ ਪਏ ਕਬਾੜ ਆਦਿ ਵਿਚ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਅਧਿਕਾਰੀਆ ਨੂੰ ਕਿਹਾ ਕਿ ਵਾਰਡ ਜਾਂ ਮੁਹੱਲਾ ਵਾਈਜ਼ ਸਿਹਤ ਕਮੇਟੀਆਂ ਬਣਾਈਆਂ ਜਾਣ। ਇਸ ਤੋਂ ਇਲਾਵਾ 881 ਆਮ ਆਦਮੀ ਕਲੀਨਿਕਾਂ ਵਿਚ ਹਲਕਾਅ ਦਾ ਟੀਕਾ ਵੀ ਉਪਲੱਬਧ ਕਰਵਾ ਦਿੱਤਾ ਗਿਆ ਹੈ ਅਤੇ ਉੱਥੇ ਡੇਂਗੂ ਟੈਸਟ, ਪ੍ਰੈਗਨੈਂਸੀ ਅਤੇ ਕਾਲਾ ਪੀਲੀਆ ਆਦਿ ਟੈਸਟ ਵੀ ਹੋਣ ਲੱਗ ਪਏ ਹਨ। ਦਵਾਈਆਂ ਦੀ ਗਿਣਤੀ 80 ਤੋਂ ਵਧਾ ਕੇ 160 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਜਿਵੇਂ ਫੀਡਬੈਕ ਮਿਲਦੀ ਹੈ ਉਸੇ ਹਿਸਾਬ ਨਾਲ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਚਾਹੁੰਦੀ ਹੈ ਕਿ ਦਵਾਈ ਹਰ ਘਰ ਤੱਕ ਪਹੁੰਚੇ। ਇਨ੍ਹਾਂ ਕਲੀਨਿਕਾਂ ਵਿਚੋਂ ਹੁਣ ਤੱਕ 1 ਕਰੋੜ 30 ਲੱਖ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਸਿਹਤ ਮੰਤਰੀ ਨੇ ਸੜਕਾਂ ਤੇ ਖੜ੍ਹੇ ਪਾਣੀ ਸਬੰਧੀ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਕਲੋਨੀਆਂ ਤਿਆਰ ਕੀਤੀਆਂ ਪਰ ਉਨ੍ਹਾਂ ਵਿਚ ਸੜਕਾਂ ਦੀ ਸਹੀ ਪਲੈਨਿੰਗ ਨਹੀੀ ਕੀਤੀ ਗਈ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਅਣਦੇਖਿਆ ਕੀਤਾ ਗਿਆ ਹੈ। ਇਸ ਮੌਕੇ ਐਸਡੀਐਮ ਡਾ.ਬਲਜਿੰਦਰ ਸਿੰਘ ਢਿੱਲੋਂ, ਸਿਵਲ ਸਰਜਨ ਲੁਧਿਆਣਾ ਡਾ.ਰਮਨਦੀਪ ਕੌਰ, ਐਸਐਮਓ ਡਾ.ਮਨਿੰਦਰ ਸਿੰਘ ਭਸੀਨ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।