ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ’ਚ ਥੈਲਸੀਮੀਆ ਵਾਰਡ ਦਾ ਉਦਘਾਟਨ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਅੱਜ ਲਾਰਡ ਮਹਾਂਵੀਰ ਸਿਵਲ ਹਸਪਤਾਲ ਵਿੱਚ ਆਧੁਨਿਕ ਥੈਲਸੀਮੀਆ ਵਾਰਡ ਦਾ ਉਦਘਾਟਨ ਕੀਤਾ। ਇਹ ਵਾਰਡ ਲੁਧਿਆਣਾ ਅਤੇ ਆਲੇ-ਦੁਆਲੇ ਦੇ ਜ਼ਿਲਿ੍ਹਆਂ ਦੇ ਸੈਂਕੜੇ ਮਰੀਜ਼ਾਂ ਨੂੰ ਨਿਯਮਿਤ ਖੂਨ ਚੜ੍ਹਾਉਣ, ਵਿਸ਼ੇਸ਼ ਕਾਊਂਸਲਿੰਗ ਅਤੇ ਆਧੁਨਿਕ ਇਲਾਜ ਦੀ ਸਹੂਲਤ ਦੇਵੇਗਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਈ ਦੇਸ਼ਾਂ ਵਿੱਚ ਥੈਲਸੀਮੀਆ ਪੂਰੀ ਤਰ੍ਹਾਂ ਖਤਮ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਵੀ ਇਸ ਮੰਜ਼ਿਲ ਵੱਲ ਵਧ ਰਿਹਾ ਹੈ। ਇਸ ਮਿਸ਼ਨ ਤਹਿਤ ਕੋਲ ਇੰਡੀਆ ਤੋਂ ਫੰਡ ਪ੍ਰਾਪਤ ਕਰਕੇ ਬੋਨ ਮੈਰੋ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਨੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਵੀ ਪੁੱਛਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੀਐਮਸੀ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਥੈਲਸੀਮੀਆ ਮਰੀਜ਼ਾਂ ਦੇ ਮੁਫਤ ਆਪਰੇਸ਼ਨ ਕੀਤੇ ਜਾ ਰਹੇ ਹਨ। ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਵਾਰਡ ਸਿਰਫ ਮੈਡੀਕਲ ਸਹੂਲਤ ਨਹੀਂ, ਸਗੋਂ ਉਮੀਦ, ਦਇਆ ਅਤੇ ਤਰੱਕੀ ਦੀ ਨਿਸ਼ਾਨੀ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਬੱਚਾ ਜਾਂ ਪਰਿਵਾਰ ਇਲਾਜ ਤੋਂ ਵਾਂਝਾ ਨਾ ਰਹੇ। ਸਰਕਾਰ ਵੱਲੋਂ ਆਧੁਨਿਤ ਸਿਹਤ ਢਾਂਚੇ, ਮਾਹਿਰ ਮੈਡੀਕਲ ਟੀਮਾਂ ਅਤੇ ਮਰੀਜ਼ ਸਹਾਇਤਾ ਸੇਵਾਵਾਂ ਵਿੱਚ ਲਗਾਤਾਰ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਲੋਕਾਂ ਨੂੰ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਨੇ ਵੈਕਟਰ-ਬੋਰਨ ਤੋਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਸਰਗਰਮ ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ, ਸਿਵਲ ਸਰਜਨ ਡਾ. ਰਮਨਦੀਪ ਕੌਰ ਆਦਿ ਵੀ ਹਾਜ਼ਰ ਸਨ।