ਸਤਵਿੰਦਰ ਬਸਰਾ
ਲੁਧਿਆਣਾ, 1 ਦਸੰਬਰ
ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐਮ) ਤਹਿਤ ਭਰਤੀ ਮੁਲਾਜ਼ਮਾਂ ਨੇ ਅੱਜ ਸਿਵਲ ਸਰਜਨ ਦਫ਼ਤਰ ਲੁਧਿਆਣਾ ਵਿੱਚ ਰੋਸ ਮੁਜ਼ਾਹਰਾ ਕੀਤਾ। ਇਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਹੋਰਨਾਂ ਰਾਜਾਂ ਦੀ ਤਰਜ਼ ’ਤੇ ਸੂਬੇ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹਰੀਸ਼ ਕੁਮਾਰ, ਦਿਨੇਸ਼ ਕੁਮਾਰ, ਸੀਐੱਚਓ ਕੁਲਵਿੰਦਰ ਕੌਰ, ਸੀਐੱਚਓ ਚਰਨਜੀਤ ਅਤੇ ਮਨੂ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਤਹਿਤ ਕਈ ਮੁਲਾਜ਼ਮ ਪਿਛਲੇ 12-15 ਸਾਲ ਤੋਂ ਨਿਗੁੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ। ਸੂਬੇ ਦੇ ਸਿਹਤ ਵਿਭਾਗ ਦਾ ਬੋਝ ਇਨ੍ਹਾਂ ਮੁਲਾਜ਼ਮਾਂ ਦੇ ਮੋਢਿਆਂ ’ਤੇ ਹੈ ਪਰ ਅਫਸੋਸ ਸਰਕਾਰ ਵੱਲੋਂ ਇਨ੍ਹਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਹ ਕਈ ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਅਤੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦੇ ਆ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨਾਲ ਲੱਗਦੇ ਕਈ ਸੂਬਿਆਂ ਨੇ ਪਾਲਸੀਆਂ ਬਣਾ ਕਿ ਅਜਿਹੇ ਮੁਲਾਜ਼ਮਾਂ ਨੂੰ ਰੈਗੂਲਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛੇ ਜਿਹੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਇੱਕ ਬਿੱਲ ਬਣਾਇਆ ਹੈ ਪਰ ਉਸ ਵਿੱਚ ਐੱਨਐੱਚਐੱਮ ਮੁਲਾਜ਼ਮਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਵਿਤਕਰੇ ਕਰ ਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਸ ਵਜੋਂ ਲੁਧਿਆਣਾ ਵਿੱਚ ਬੀਤੀ 25 ਨਵੰਬਰ ਤੋਂ ਲਗਾਤਾਰ ਰੋਸ ਧਰਨਾ ਜਾਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨ ਵਿੱਚ ਐੱਨਐੱਚਐੱਮ ਦੇ ਕਮਿਊਨਿਟੀ ਹੈਲਥ ਅਫ਼ਸਰ, ਆਰਬੀਐੱਸਕੇ ਦੇ ਡਾਕਟਰ ਤੇ ਮੁਲਾਜ਼ਮ, ਬੀਐੱਸਏ ਅਤੇ ਕਲੈਰੀਕਲ ਸਟਾਫ ਤੋਂ ਇਲਾਵਾ ਕਈ ਮੁਲਾਜ਼ਮ ਸ਼ਾਮਲ ਸਨ।