ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਸਤੰਬਰ
ਸੂਬੇ ਭਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਚੱਲ ਰਹੇ ਖੇਡ ਮੁਕਾਬਲਿਆਂ ਦੀ ਤਰ੍ਹਾਂ ਲੁਧਿਆਣਾ ਵਿੱਚ ਵੀ ਬੀਤੇ ਦਿਨੀਂ ਬਲਾਕ ਪੱਧਰੀ ਖੇਡਾਂ ਖਤਮ ਹੋਣ ’ਤੇ ਅੱਜ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਉਦਘਾਟਨ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਿਧਾਇਕ ਮਦਨ ਲਾਲ ਬੱਗਾ ਨੇ ਸਾਂਝੇ ਤੌਰ ’ਤੇ ਕੀਤਾ। ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਵਿਧਾਇਕਾਂ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨਵੇਂ ਖਿਡਾਰੀਆਂ ਨੂੰ ਉਡਾਰੀ ਭਰਨ ਲਈ ਖੰਭ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 21 ਅਕਤੂਬਰ ਨੂੰ ਜਦੋਂ ਖੇਡਾਂ ਸਮਾਪਤ ਹੋਣਗੀਆਂ ਤਾਂ ਪੰਜਾਬ ਕੋਲ ਨਵੇਂ ਖੇਡ ਚੈਂਪੀਅਨ ਹੋਣਗੇ, ਜੋ ਉਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਪੰਜਾਬ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਖੇਡਾਂ ਹਰ ਸਾਲ ਪੰਜਾਬ ਵਿੱਚ ਕਰਵਾਈਆਂ ਜਾਣਗੀਆਂ ਅਤੇ ਇਹ ਖੇਡਾਂ ਦੇ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਛੇ ਉਮਰ ਵਰਗ ਵਿੱਚ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਛੇ ਵਰਗਾਂ ਵਿੱਚ ਹੋਣਗੇ। ਪੈਰਾ ਖਿਡਾਰੀਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਦੇ ਮੁਕਾਬਲੇ ਸ਼ਾਮਲ ਹਨ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਜੇਤੂਆਂ ਨੂੰ 6 ਕਰੋੜ ਦੇ ਇਨਾਮ ਵੰਡੇ ਜਾਣਗੇ।