ਜੋਗਿੰਦਰ ਸਿੰਘ ਓਬਰਾਏ
ਖੰਨਾ, 19 ਅਕਤੂਬਰ
ਇਥੇ ਆਮ ਆਦਮੀ ਪਾਰਟੀ ਵੱਲੋਂ ਸੂਬਾ ਪੱਧਰ ਦੀ ਹੋਈ ਮੀਟਿੰਗ ਉਪਰੰਤ ਪੰਜਾਬ ਦੀਆਂ ਕੁਝ ਥਾਵਾਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸੇ ਤਹਿਤ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਹਰਭੁਪਿੰਦਰ ਸਿੰਘ ਧਰੌੜ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜਿਨ੍ਹਾਂ ਦਾ ਅੱਜ ਖੰਨਾ ਪੁੱਜਣ ’ਤੇ ਅਨਿਲ ਦੱਤ ਫੱਲੀ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਧਰੌੜ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਵਧੇਰੇ ਮਜ਼ਬੂਤ ਕਰਨਗੇ। ਉਨ੍ਹਾਂ ਖੇਤੀ ਆਰਡੀਨੈਸਾਂ ਦਾ ਤਿੱਖਾ ਵਿਰੋਧ ਕਰਦਿਆਂ ਕਿਸਾਨ ਸੰਘਰਸ਼ ਦੀ ਡੱਟਵੀਂ ਹਮਾਇਤ ਕੀਤੀ ਅਤੇ ਦਲਿਤ ਫੰਡਾਂ ਵਿਚ ਹੋਈ ਕਥਿਤ ਹੇਰਾਫੇਰੀ ਸਬੰਧੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਵੱਲੋਂ ਕਲੀਨ ਚਿੱਟ ਦਿੱਤੇ ਜਾਣ ਦਾ ਵਿਰੋਧ ਕੀਤਾ।