ਗੁਰਿੰਦਰ ਸਿੰਘ
ਲੁਧਿਆਣਾ, 8 ਜੁਲਾਈ
ਗੁਰਦੁਆਰਾ ਗੁਰੂ ਹਰਕ੍ਰਿਸ਼ਨ ਸਾਹਿਬ ਪ੍ਰੀਤਮ ਨਗਰ, ਸਿਵਲ ਲਾਈਨਜ਼ ਵਿੱਚ ਸਨਮਾਨ ਸਮਾਗਮ ਕਰਾਇਆ ਗਿਆ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ’ਚ ਬੱਚਿਆਂ ਨੂੰ ਗੁਰਬਾਣੀ ਕੀਰਤਨ ਗਾਇਨ ਕਰਨ ਦੀ ਕਲਾ ਨਾਲ ਜੋੜਨ ਵਾਲੀਆਂ ਸੱਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਯੂਨਾਈਟਿਡ ਸਿੱਖਜ਼ ਪੰਜਾਬ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ, ਪ੍ਰਿਤਪਾਲ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਹਰਜੀਤ ਸਿੰਘ ਆਨੰਦ, ਗੁਰਦੀਪ ਸਿੰਘ, ਯੂਨਾਈਟਿਡ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਭੁਟੀਆਨੀ, ਅਰਵਿੰਦਰਪਾਲ ਸਿੰਘ ਬੰਟੀ ਮਾਡਲ ਗ੍ਰਾਮ, ਜਸਪਾਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਡੀਆ ਸਲਾਹਕਾਰ ਰਣਜੀਤ ਸਿੰਘ ਖਾਲਸਾ ਨੂੰ ਸਿਰੋਪਾਉ, ਦੋਸ਼ਾਲਾ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ।
ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੇ ਧਰਮ, ਵਿਰਸੇ, ਗੁਰਬਾਣੀ ਕੀਰਤਨ ਅਤੇ ਬਾਣੇ ਦੇ ਸਿਧਾਂਤ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਧਰਮ ਪ੍ਰਚਾਰ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਉਨ੍ਹਾਂ ਗੁਰਦੁਆਰਾ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਸਰਗਰਮੀਆਂ ਦੀ ਸ਼ਲਾਘਾ ਕਰਦਿਆਂ ਲਹਿਰ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਥੀਪਾਲ ਸਿੰਘ ਧਮੀਜਾ ਨੇ ਕਿਹਾ ਕਿ ਬੱਚਿਆਂ ਨੂੰ ਗੁਰੂ ਸਾਹਿਬ ਦੇ ਸਿਧਾਤਾਂ ਨਾਲ ਜੋੜਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲੇ ਸੇਵਾ ਲਹਿਰ ਦਾ ਹਿੱਸਾ ਹਨ। ਉਨ੍ਹਾਂ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਦਾ ਗੁਰਦੁਆਰਾ ਸਾਹਿਬ ਵਿੱਚ ਪੁੱਜਣ ਲਈ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਵਿਜੈ ਪਾਲ ਸਿੰਘ, ਗੁਰਦੀਪ ਸਿੰਘ, ਮਲੂਕ ਸਿੰਘ, ਹਰੀ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਪਰਮਜੀਤ ਸਿੰਘ ਅਤੇ ਸਰਬਜੀਤ ਸਿੰਘ ਵੀ ਹਾਜ਼ਰ ਸਨ।