ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਅਗਸਤ
ਸ਼ਹਿਰ ਦੀਆਂ ਵੱਖ ਵੱਖ ਅਖਬਾਰਾਂ ਲਈ ਫੋਟੋਗ੍ਰਾਫੀ ਕਰ ਰਹੇ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ। ਸਤਲੁਜ ਕਲੱਬ ਵਿੱਚ ਕਰਵਾਏ ਇਸ ਸਮਾਗਮ ਵਿੱਚ ਉੱਘੇ ਕਵੀ ਡਾ. ਸੁਰਜੀਤ ਪਾਤਰ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਗਿੱਲ ਆਦਿ ਸ਼ਾਮਿਲ ਹੋਏ। ਸਮਾਗਮ ਦੇ ਪ੍ਰਬੰਧਕ ਹਰਪ੍ਰੀਤ ਸੰਧੂ ਨੇ ਸਾਰੇ ਮਹਿਮਾਨਾਂ ਨੂੰ ਨਿੱਘੀ ਜੀ ਆਇਆਂ ਆਖਦਿਆਂ ਕਿਹਾ ਕਿ ਇੱਕ ਫੋਟੋਗ੍ਰਾਫਰ ਵੱਲੋਂ ਖਿੱਚੀ ਤਸਵੀਰ ਇੱਕ ਨਹੀਂ ਸਗੋਂ ਕਈ ਖਬਰਾਂ ਦਾ ਸੰਗ੍ਰਹਿ ਹੁੰਦੀ ਹੈ। ਫੋਟੋ ਦੀ ਮਦਦ ਨਾਲ ਕਿਸੇ ਵੀ ਮੁੱਦੇ, ਖਬਰ ਨੂੰ ਪਾਠਕਾਂ ਨੂੰ ਸਮਝਾਉਣਾ ਸੌਖਾ ਹੋ ਜਾਂਦਾ ਹੈ। ਡਾ. ਪਾਤਰ ਨੇ ਕਿਹਾ ਕਿ ਕੋਵਿਡ-19 ਦੌਰਾਨ ਫੋਟੋ ਪੱਤਰਕਾਰਾਂ ਨੇ ਜਿਸ ਤਰ੍ਹਾਂ ਸਮਾਜ ਵਿੱਚ ਵਿਚਰਦਿਆਂ ਲੋਕਾਂ ਦੀ ਮਦਦ ਕੀਤੀ, ਉਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਇਸ ਮੌਕੇ ਗੁਰਮੀਤ ਸਿੰਘ ਦੀ ਅਗਵਾਈ ਹੇਠ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਦੇ 22 ਦੇ ਕਰੀਬ ਫੋਟੋ ਪੱਤਰਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।