ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਮਾਰਚ
ਇਥੋਂ ਦੇ ਨੇੜਲੇ ਪਿੰਡ ਮਾਨੂੰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਕਾਦਮਿਕ ਤੇ ਸਹਿ-ਅਕਾਦਮਿਕ ਸਰਗਰਮੀਆਂ ’ਚ ਵਿਸ਼ੇਸ਼ ਪ੍ਰਾਪਤੀਆਂ ਦਰਜ ਕਰਨ ਵਾਲੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਮਾਡਲਾਂ, ਤਸਵੀਰਾਂ ਤੇ ਚਾਰਟਾਂ ਦਾ ਵਿੱਦਿਅਕ ਮੇਲਾ ਵੀ ਕਰਵਾਇਆ ਗਿਆ। ਪ੍ਰਿੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਇਨਾਮ ਵੰਡ ਸਮਾਗਮ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਟਰਮ ਪ੍ਰੀਖਿਆਵਾਂ ’ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਾਪਿਆਂ ਦੀ ਹਾਜ਼ਰੀ ’ਚ ਨਕਦ ਰਾਸ਼ੀ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਨਾਜ਼ਰ ਸਿੰਘ ਦੀ ਅਗਵਾਈ ਹੇਠਾਂ ਵੱਖ-ਵੱਖ ਮੁਕਾਬਲਿਆਂ ’ਚ ਮੋਹਰੀ ਰਹਿਣ ਵਾਲੀਆਂ ਵੇਟ ਲਿਫ਼ਟਿੰਗ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ, ਅਨੁਪਮਾ ਜੈਰਥ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਰਾਜਿੰਦਰ ਸਿੰਘ, ਮੀਨਾ ਰਾਣੀ, ਭਾਰਤੀ ਸ਼ਰਮਾ ਆਦਿ ਹਾਜ਼ਰ ਸਨ।