ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੂਨ
ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਬੰਟੀ ਰੋਮਾਣਾ ਵੱਲੋਂ ਲੁਧਿਆਣਾ ਨੂੰ ਇਕ ਵਾਰ ਫਿਰ ਬਹੁਤ ਵੱਡਾ ਮਾਣ ਸਤਿਕਾਰ ਦਿੱਤਾ ਗਿਆ ਹੈ, ਜਿਸ ਨਾਲ ਨੌਜਵਾਨਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਸਾਬਕਾ ਸੰਸਦੀ ਸਕੱਤਰ ਹਰੀਸ਼ ਰਾਏ ਢਾਂਡਾ ਨੇ ਨੌਜਵਾਨਾਂ ਨੂੰ ਪਾਰਟੀ ਪ੍ਰਧਾਨ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਸਰਗਰਮੀਆਂ ਤੇਜ਼ ਕਰਨ ਲਈ ਪ੍ਰੇਰਿਆ। ਪ੍ਰਧਾਨ ਰਣਜੀਤ ਸਿੰਘ ਢਿਲੋਂ ਨੇ ਵਰਕਰਾਂ ਨੂੰ ਨੁੱਕੜ ਮੀਟਿੰਗਾਂ ਸ਼ੁਰੂ ਕਰ ਕੇ ਪਾਰਟੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ। ਨਵ-ਨਿਯੁਕਤ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਚਲਦਾ ਕਰਨ ਲਈ ਯੂਥ ਵਰਕਰ ਤਿਆਰ ਬਰ ਤਿਆਰ ਹਨ।