DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰੀ ਨੌਕਰੀ ਲਈ ਚੁਣੇ ਲੋੜਵੰਦ ਪਰਿਵਾਰਾਂ ਦੇ ਨੌਜਵਾਨਾਂ ਦਾ ਸਨਮਾਨ

ਮੁਫ਼ਤ ਕੋਚਿੰਗ ਦੇਣ ਲਈ ਸਤਿਗੁਰੂ ਰਵਿਦਾਸ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਦੀ ਕੀਤੀ ਸ਼ਲਾਘਾ
  • fb
  • twitter
  • whatsapp
  • whatsapp
featured-img featured-img
ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਪ੍ਰਾਪਤ ਕਰਦੇ ਹੋਏ। -ਫੋਟੋ: ਅਸ਼ਵਨੀ ਧੀਮਾਨ
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 16 ਜੁਲਾਈ

Advertisement

ਸਥਾਨਕ ਪੁਲੀਸ ਲਾਈਨਜ਼ ਵਿੱਚ ਸਤਿਗੁਰੂ ਰਵਿਦਾਸ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਸਿੱਖਿਆ ਹਰੇਕ ਵਰਗ ਦੇੇ ਵਿਕਾਸ ਦਾ ਆਧਾਰ ਹੁੰਦੀ ਹੈ। ਇਸ ਮੌਕੇ ਉਨ੍ਹਾਂ ਸਰਕਾਰੀ ਨੌਕਰੀ ਲਈ ਚੁਣੇ 25 ਨੌਜਵਾਨਾਂ ਦਾ ਸਨਮਾਨ ਵੀ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਰਾਬਰੀ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ’ਤੇ ਸਮਾਜ ਵਿੱਚ ਸੁਧਾਰ ਲਿਆਉਣ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਵਸੀਲਾ ਹੈ। ਕੈਬਨਿਟ ਮੰਤਰੀ ਨੇ ਅੱਗੇ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਇਹ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਹਰੇਕ ਕੋਈ ਸਿੱਖਿਆ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣੇ ਉਦੇਸ਼ਾਂ ਦੀ ਪ੍ਰਾਪਤੀ ਕਰਨੀ ਚਾਹੀਦੀ ਹੈ ਅਤੇ ਇੱਕ ਸ਼ਕਤੀਸ਼ਾਲੀ ਰਾਸ਼ਟਰ ਬਣਾਉਣ ਲਈ ਬਦਲਾਅ ਲਿਆਉਣਾ ਚਾਹੀਦਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰ ਕੇ ਬਾਬਾ ਸਾਹਬਿ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ, ਖਾਸ ਕਰ ਕੇ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੰਸਥਾ ਤੋਂ ਕੋਚਿੰਗ ਲੈ ਕੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ 25 ਨੌਜਵਾਨਾਂ ਦਾ ਸਨਮਾਨ ਵੀ ਕੀਤਾ ਅਤੇ ਆਮ ਲੋਕਾਂ ਨੂੰ ਵੀ ਇਨ੍ਹਾਂ ਸੰਸਥਾਵਾਂ ਦੇ ਸਹਿਯੋਗ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਸਰਵਜੀਤ ਕੌਰ ਮਾਣੂੰਕੇ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਗੁਰਪ੍ਰੀਤ ਬੱਸੀ ਗੋਗੀ ਆਦਿ ਹਾਜ਼ਰ ਸਨ।

Advertisement
×