ਦੇਵਿੰਦਰ ਸਿੰਘ ਜੱਗੀ
ਪਾਇਲ, 19 ਦਸੰਬਰ
ਪਿੰਡ ਦਾਊਂਮਾਜਰਾ ਵਿੱਚ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦੀ ਹੋਈ ਸ਼ਾਨਾਮੱਤੀ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਮੂਹ ਨਗਰ ਵਾਸੀਆਂ ਵੱਲੋਂ ਯੂਥ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬੂਟਾ ਸਿੰਘ ਰਾਏਪੁਰ ਵੱਲੋਂ ਕਿਰਸਾਨੀ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਉਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਸਾਨ ਆਗੂ ਬੂਟਾ ਸਿੰਘ ਰਾਏਪੁਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਜਿੱਤਣ ਵਿੱਚ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਰਿਹਾ ਹੈ। ਇਸ ਮੌਕੇ ਇੰਦਰਜੀਤ ਸਿੰਘ, ਬਲਜੀਤ ਸਿੰਘ ਦਾਊਂਮਾਜਰਾ, ਹਰਮਿੰਦਰ ਸਿੰਘ, ਸਰਬਦੀਪ ਸਿੰਘ, ਸੁਖਵੀਰ ਸਿੰਘ, ਜਸਬੀਰ ਸਿੰਘ, ਪਰਮੀਤ ਸਿੰਘ, ਕਰਮਜੀਤ ਸਿੰਘ, ਹਰਜਿੰਦਰ ਸਿੰਘ, ਰਾਜਵੀਰ ਸਿੰਘ, ਗੋਲਡੀ ਸੇਖੋਂ, ਰਾਜਿੰਦਰ ਸਿੰਘ, ਜੱਗੀ, ਬਲਵੀਰ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।
ਅਮਰਗੜ੍ਹ ਕਲੇਰਾਂ ਤੇ ਚਚਰਾੜੀ ਵਿੱਚ ਜੇਤੂ ਸਮਾਗਮ
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਕਿਸਾਨ ਅੰਦੋਲਨ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ’ਚ ਅੱਜ ਨੇੜਲੇ ਪਿੰਡ ਅਮਰਗੜ੍ਹ ਕਲੇਰ ਅਤੇ ਚਚਰਾੜੀ ’ਚ ਸ਼ੁਕਰਾਨੇ ਵਜੋਂ ਅਖੰਡ ਪਾਠ ਅਤੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਉਪਰੰਤ ਦੋਹਾਂ ਪਿੰਡਾਂ ਵਿੱਚ ਜੇਤੂ ਸਮਾਗਮ ਕਰਵਾਇਆ ਗਿਆ। ਇਸ ਸਮੇਂ ਕਿਸਾਨ ਸੰਘਰਸ਼ ’ਚ ਵਿਸ਼ੇਸ਼ ਭੂਮਿਕਾ ਨਿਭਾਉਣ ਅਤੇ ਡਟੇ ਰਹਿਣ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀਆਂ ਇਕਾਈਆਂ ਵਲੋਂ ਇਸ ਸਮੇਂ ਅਰਦਾਸ ਉਪਰੰਤ ਕਿਸਾਨ ਅੰਦੋਲਨ ’ਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਵਰਕਰਾਂ ਅਤੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਆ ਗਿਆ।