ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਅਕਤੂਬਰ
ਥਾਣਾ ਸਾਹਣੇਵਾਲ ਦੇ ਇਲਾਕੇ ਵਿੱਚ ਪੈਂਦੇ ਪਿੰਡ ਪਵਾ ਦੇ ਸਰਕਾਰੀ ਹਾਈ ਸਕੂਲ ਵਿੱਚ ਚੱਲ ਰਹੇ ਉਸਾਰੀ ਦੇ ਕੰਮ ਦੌਰਾਨ ਮਲਬੇ ਵਿੱਚੋਂ ਭਾਰੀ ਮਾਤਰਾ ਵਿਚ ਜ਼ਿੰਦਾ ਕਾਰਤੂਸ ਮਿਲੇ ਹਨ। ਇਸ ਸਬੰਧੀ ਚੱਕ ਸਰਵਣਨਾਥ ਵਾਸੀ ਗੁਰਮੁੱਖ ਸਿੰਘ ਨੇ ਦੱਸਿਆ ਹੈ ਕਿ ਉਹ ਨਰੇਗਾ ਸਕੀਮ ਤਹਿਤ ਠੇਕੇਦਾਰੀ ਦਾ ਕੰਮ ਕਰਦਾ ਹੈ। ਪੰਚਾਇਤ ਦੇ ਕੋਟੇ ਵਿੱਚੋਂ ਸਰਕਾਰੀ ਹਾਈ ਸਕੂਲ ਪਵਾ ਵਿੱਚ ਕੰਮ ਚੱਲ ਰਿਹਾ ਸੀ ਅਤੇ ਮਜ਼ੂਦਰਾਂ ਵੱਲੋਂ ਜਦੋਂ 2-3 ਫੁੱਟ ਡੂੰਘਾ ਟੋਆ ਪੁੱਟਿਆ ਜਾ ਰਿਹਾ ਸੀ ਤਾਂ ਉਸ ਵਿਚੋਂ ਇਕ ਸੀਮਿੰਟ ਦਾ ਥੈਲਾ ਮਿਲਿਆ। ਉਸ ਨੂੰ ਖੋਲ੍ਹ ਕੇ ਵੇਖਿਆ ਗਿਆ ਤਾਂ ਉਸ ਵਿੱਚ 200 ਦੇ ਕਰੀਬ ਅਣਚੱਲੇ ਕਾਰਤੂਸ ਮਿਲੇ। ਉਸ ਵੱਲੋਂ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਕਾਰਤੂਸ ਕਬਜ਼ੇ ਵਿੱਚ ਲੈ ਲਏ ਅਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਰਵਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।