ਆਲ ਇੰਡੀਆ ਕਾਂਗਰਸ ਕਮੇਟੀ (ਓ ਬੀ ਸੀ) ਦੇ ਕੋਆਰਡੀਨੇਟਰ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਕ੍ਰਿਸ਼ਨ ਕੁਮਾਰ ਬਾਵਾ ਨੇ ਡੀ ਸੀ ਦਫ਼ਤਰ ਦੇ ਬਾਹਰ ਪੰਜ ਘੰਟੇ ਦਾ ਸੱਤਿਆਗ੍ਰਹਿ ਕਰਦਿਆਂ ਭੁੱਖ ਹੜਤਾਲ ਕੀਤੀ। ਇਸ ਦੌਰਾਨ ਬਾਵਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਚੋਟੀ ਦੇ ਆਗੂਆਂ ਨਾਲ ਦਿੱਲੀ ਪੁਲੀਸ ਦਾ ਰਵੱਈਆ ਬੇਹੱਦ ਨਿੰਦਣਯੋਗ ਅਤੇ ਲੋਕਤੰਤਰ ਦਾ ਘਾਣ ਕਰਨ ਵਾਲਾ ਹੈ।
ਇਸ ਮੌਕੇ ਕ੍ਰਿਸ਼ਨ ਕੁਮਾਰ ਬਾਵਾ ਨੇ ਦੋਸ਼ ਲਾਇਆ ਕਿ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਮੁੱਖ ਚੋਣ ਕਮਿਸ਼ਨਰ ਰਾਹੀਂ ਨਾਗਰਿਕਾਂ ਦੇ ਸੰਵਿਧਾਨਕ ਵੋਟ ਦੇ ਅਧਿਕਾਰ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਭਾਜਪਾ ਦੀ ਸੱਤਾ ਬਰਕਰਾਰ ਰਹਿ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਦੇ ਵਰਕਰ ਅਤੇ ਆਗੂ ਰਾਹੁਲ ਗਾਂਧੀ ਲੋਕਤੰਤਰ ਦੇ ਇਸ ਘਾਣ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਫ਼ਿਰਕੂ ਅਤੇ ਕੁਰਸੀ ਦੇ ਲਾਲਚੀਆਂ ਖ਼ਿਲਾਫ਼ ਹਰ ਪੱਧਰ ’ਤੇ ਸੰਘਰਸ਼ ਵਿੱਢਣਗੇ। ਇਸ ਮੌਕੇ ਬਾਵਾ ਨੇ ਸੰਖ ਵਜਾ ਕੇ ਲੋਕਤੰਤਰ ਵਿਰੋਧੀ ਤਾਕਤਾਂ ਦੇ ਖ਼ਿਲਾਫ਼ ਸਾਰੇ ਇਨਸਾਫ਼-ਪਸੰਦ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

