ਸਤਵਿੰਦਰ ਬਸਰਾ
ਲੁਧਿਆਣਾ, 6 ਅਗਸਤ
ਪੀਏਯੂ ਦੇ ਵਿਦਿਆਰਥੀਆਂ ਅਤੇ ਬੇਰੁਜ਼ਗਾਰਾਂ ਨੇ ਦਿੱਤੇ ਸੱਦੇ ਅਨੁਸਾਰ ਅੱਜ ਪੀਏਯੂ ਦੇ ਗੇਟ ਨੰਬਰ ਇੱਕ ਨੇੜੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ।
ਖੇਤੀਬਾੜੀ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਦੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਵਿਧਾਇਕ ਇਯਾਲੀ ਨੇ ਕਿਹਾ ਕਿ ਉਹ ਵਿਧਾਨ ਸਭਾ ਵਿੱਚ ਖਾਲੀ ਅਸਾਮੀਆਂ ਦੇ ਮੁੱਦੇ ਨੂੰ ਜ਼ੋਰ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਦੇ ਕਿੱਤੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਨੌਜਵਾਨ ਖੇਤੀ ਮਾਹਿਰਾਂ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ, ਇਹ ਤਾਂ ਹੀ ਸੰਭਵ ਹੋ ਸਕਦਾ ਹੈ ਕਿ ਜੇਕਰ ਖੇਤੀਬਾੜੀ ਵਿਭਾਗ ਵਿੱਚ ਪਿਛਲੇ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ। ਵਿਧਾਇਕ ਨੇ ਭੁੱਖ ਹੜਤਾਲ ’ਤੇ ਬੈਠੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਹ ਵਿਦਿਆਰਥੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣਗੇ। ਮਜ਼ਦੂਰ ਆਗੂ ਹਰਜਿੰਦਰ ਸਿੰਘ ਨੇ ਸੰਘਰਸ਼ ਦੀ ਹਮਾਇਤ ਕਰਨ ਦਾ ਭਰੋਸਾ ਦਿੱਤਾ ਹੈ। ਅੱਜ ਭੁੱਖ ਹੜਤਾਲ ’ਤੇ ਬੈਠਣ ਵਾਲਿਆਂ ਵਿੱਚ ਛੇ ਖੇਤੀਬਾੜੀ ਮਾਹਿਰ ਅਰਸ਼ਦੀਪ ਸਿੰਘ, ਹਰਲੀਨ ਕੌਰ, ਸਤਿੰਦਰ ਕੌਰ, ਕੋਮਲਪ੍ਰੀਤ ਕੌਰ, ਵਿਮਲਜੀਤ ਸਿੰਘ ਅਤੇ ਤੀਰਥ ਸਿੰਘ ਸ਼ਾਮਲ ਹਨ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਜੇਕਰ ਅਜੇ ਵੀ ਸਰਕਾਰ ਨੇ ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਸਬੰਧੀ ਕੋਈ ਫੈਸਲਾ ਨਾ ਲਿਆ ਤਾਂ 12 ਅਗਸਤ ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਜਾਵੇਗਾ।