ਪੱਤਰ ਪ੍ਰੇਰਕ
ਸਮਰਾਲਾ, 7 ਸਤੰਬਰ
ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਇੱਥੇ ਭਾਈ ਸੁਖਵਿੰਦਰ ਸਿੰਘ ਭਗਵਾਨਪੁਰਾ ਦੀ ਅਗਵਾਈ ਹੇਠ ਭੁੱਖ ਹੜਤਾਲ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਮੇਤ ਹਲਕੇ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਪੰਥ ਹਿਤੈਸ਼ੀ ਆਗੂ ਵੀ ਸਮਰਥਨ ਵਿੱਚ ਭੁੱਖ ਹੜਤਾਲ ਵਾਲੀ ਥਾਂ ’ਤੇ ਆਪਣਾ ਸਮਰਥਨ ਦੇਣ ਲਈ ਪੁੱਜੇ। ਭਾਈ ਸੁਖਵਿੰਦਰ ਸਿੰਘ ਭਗਵਾਨਪੁਰਾ ਨੇ ਆਖਿਆ ਕਿ ਉਹ ਸਿੱਖ ਕੌਮ ਦੇ ਮਹਾਨ ਜੁਝਾਰੂਆਂ ਦੀ ਰਿਹਾਈ ਲਈ ਅੱਜ ਭੁੱਖ ਹੜਤਾਲ ’ਤੇ ਬੈਠੇ ਹਨ ਅਤੇ ਉਨ੍ਹਾਂ ਦੀ ਮੰਗ ਹੈ ਕਿ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਸਿੰਘਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰੱਖਣ ਦਾ ਵੀ ਐਲਾਨ ਕੀਤਾ। ਇਸ ਮੌਕੇ ਭੁੱਖ ਹੜਤਾਲ ’ਚ ਆਪਣਾ ਸਮਰਥਨ ਦੇਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਰਬੰਸ ਸਿੰਘ ਮਾਣਕੀ, ਸਾਬਕਾ ਹਲਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ, ਗੁਰਜੀਤ ਸਿੰਘ ਖਾਲਸਾ, ਸੁਦਾਗਰ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ’ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।