ਮੋਦੀ, ਸ਼ਾਹ, ਯੋਗੀ ਤੇ ਪੂੰਜੀਪਤੀਆਂ ਦੇ ਪੁਤਲੇ ਸਾੜੇ

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਲੋਕਾਂ ਨੂੰ ਭਾਜਪਾ ਵਿਰੁੱਧ ਜੱਥੇਬੰਦ ਹੋਣ ਦਾ ਸੱਦਾ

ਮੋਦੀ, ਸ਼ਾਹ, ਯੋਗੀ ਤੇ ਪੂੰਜੀਪਤੀਆਂ ਦੇ ਪੁਤਲੇ ਸਾੜੇ

ਰਾੜਾ ਸਾਹਿਬ ਵਿੱਚ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਸਣੇ ਹੋਰਨਾਂ ਦਾ ਪੁਤਲਾ ਸਾੜਦੇ ਹੋਏ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ।

ਸਤਵਿੰਦਰ ਬਸਰਾ

ਲੁਧਿਆਣਾ, 16 ਅਕਤੂਬਰ

ਇਨਕਲਾਬੀ-ਜਮਹੂਰੀ ਜੱਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਭਰਪੂਰ ਹੁੰਗਾਰਾ ਦਿੰਦਿਆਂ ਅੱਜ ਭਾਜਪਾ ਦੀ ਫਿਰਕੂ ਸਰਕਾਰ ਦੇ ਮੋਦੀ, ਅਮਿੱਤ ਸ਼ਾਹ, ਯੋਗੀ ਅਦਿੱਤਿਆ ਨਾਥ ਸਮੇਤ ਸਹਿਯੋਗੀਆਂ ਦਾ ਪੁਤਲਾ ਸਾੜਿਆ ਗਿਆ। ਇਨਕਲਾਬੀ ਕੇਂਦਰ ਪੰਜਾਬ (ਇਕਾਈ ਲੁਧਿਆਣਾ) , ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ ਦੇ ਕਾਰਕੁਨਾਂ ਨੇ ਸਥਾਨਕ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਨੂੰ ਪੂੰਜੀਪਤੀਆਂ ਦੀ ਰਖੇਲ ਕਰਾਰ ਦਿੰਦਿਆਂ ਇਸ ਖ਼ਿਲਾਫ਼ ਨਾਹਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ। ਲਖੀਮਪੁਰ ਖੀਰੀ ਵਿੱਚ ਸਰਕਾਰੀ ਸ਼ਹਿ ਹੇਠ ਕਿਸਾਨਾਂ ਨੂੰ ਗੱਡੀ ਹੇਠ ਦਰੜ ਕੇ ਸ਼ਹੀਦ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਅਤੇ ਅੱਧੇ ਪੰਜਾਬ ਨੂੰ ਬੀਐਸਐੱਫ ਦੇ ਹਵਾਲੇ ਕਰਕੇ ਲੋਕਾਂ ਉੱਪਰ ਦਹਿਸ਼ਤ ਪਾਉਣ ਦੀ ਨੀਤੀ ਖਿਲਾਫ ਲੋਕਾਂ ਨੂੰ ਜੱਥੇਬੰਦ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜਸਵੰਤ ਜੀਰਖ, ਰਾਜਿੰਦਰ ਸਿੰਘ, ਸਤੀਸ਼ ਸੱਚਦੇਵਾ,ਡਾ ਹਰਬੰਸ ਗਰੇਵਾਲ਼ , ਟੇਕ ਚੰਦ ਕਾਲੀਆ, ਅਰੁਣ ਕੁਮਾਰ, ਡਾ ਮੋਹਨ ਸਿੰਘ, ਸਤਨਾਮ ਸਿੰਘ ਦੁੱਗਰੀ, ਕਾ ਸੁਰਿੰਦਰ ਸਿੰਘ ਹਾਜ਼ਰ ਸਨ।

ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇਥੇ ਮੁੱਖ ਮਾਰਗ ਸਥਿਤ ਚੌਕੀਮਾਨ ਟੌਲ ’ਤੇ ਮੋਦੀ ਹਕੂਮਤ ਦਾ ਪੁਤਲਾ ਫੂਕਿਆ ਗਿਆ। ਇਲਾਕੇ ਦੇ ਕਈ ਪਿੰਡਾਂ ’ਚ ਵੀ ਪੁਤਲੇ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕਾਮਾਗਾਟਾਮਾਰੂ ਯਾਦਗਾਰ ਕਮੇਟੀ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਦਿੱਤੇ ਗਏ ਧਰਨੇ ’ਚ 18 ਅਕਤੂਬਰ ਦੇ ਰੇਲ ਰੋਕੋ ਅੰਦੋਲਨ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਗੱਲ ਆਖੀ ਗਈ। ਜਸਵੀਰ ਸਿੰਘ ਗੁੜੇ, ਕੈਪਟਨ ਕੁਲਰਾਜ ਸਿੰਘ ਸਿੱਧਵਾਂ, ਰਣਜੀਤ ਸਿੰਘ ਗੁੜੇ, ਉਜਾਗਰ ਸਿੰਘ ਬੱਦੋਵਾਲ, ਮਾ. ਅਜਮੇਰ ਸਿੰਘ ਤਲਵੰਡੀ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ, ਹੋਰ ਕਿਸਾਨਾਂ ਮੰਗਾਂ ਸਮੇਤ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ। ਇਸੇ ਤਰ੍ਹਾਂ ਇਥੇ ਰੇਲਵੇ ਪਾਰਕ ’ਚ ਕਿਸਾਨ ਧਰਨੇ ਦੇ 381ਵੇਂ ਦਿਨ ਇਕੱਤਰ ਕਿਸਾਨਾਂ ਤੇ ਮਜ਼ਦੂਰਾਂ ਨੇ ਸਭ ਤੋਂ ਪਹਿਲਾਂ ਮੋਦੀ ਹਕੂਮਤ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਜਨਮ ਦਿਨ ’ਤੇ ਯਾਦ ਕੀਤਾ। ਬੁਲਾਰਿਆਂ ਨੇ ਸਿੰਘੂ ਬਾਰਡਰ ’ਤੇ ਨੌਜਵਾਨ ਵੱਲੋਂ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੀ ਨਿੰਦਾ ਕੀਤੀ। ਭਾਜਪਾ ਆਗੂ ਅਸ਼ਵਨੀ ਸ਼ਰਮਾ ਅਤੇ ਵਿਜੇ ਸਾਂਪਲਾ ਵੱਲੋਂ ਇਸ ਘਟਨਾ ਲਈ ਕਿਸਾਨ ਮੋਰਚੇ ਨੂੰ ਜ਼ਿੰਮੇਵਾਰ ਦੱਸਣ ਦੀ ਵੀ ਨਿਖੇਧੀ ਕੀਤੀ।

ਰਾਏਕੋਟ (ਰਾਮ ਗੋਪਾਲ ਰਾਏਕੋਟੀ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਥਾਨਕ ਹਰੀ ਸਿੰਘ ਨਲਵਾ ਚੌਕ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁਤਲੇ ਸਾੜ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਮਾਸਟਰ ਚਰਨ ਸਿੰਘ ਨੂਰਪੁਰਾ, ਮਾਸਟਰ ਕਮਿੱਕਰ ਸਿੰਘ, ਪ੍ਰਧਾਨ ਲਖਵਿੰਦਰ ਸਿੰਘ ਜਲਾਲਦੀਵਾਲ ਨੇ ਕਿਹਾ ਕਿ ਜਦ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਸੰਘਰਸ਼ ਦੀ ਲੜੀ ਤਹਿਤ 18 ਅਕਤੂਬਰ ਨੂੰ ਜਥੇਬੰਦੀ ਵੱਲੋਂ ਰੇਲ ਰੋਕੋ ਪ੍ਰੋਗਰਾਮ ਤਹਿਤ ਮੁੱਲਾਂਪੁਰ ਅਤੇ ਜਗਰਾਉਂ ਵਿੱਚ ਰੇਲਾਂ ਰੋਕੀਆਂ ਜਾਣਗੀਆਂ।

ਪਾਇਲ (ਦੇਵਿੰਦਰ ਸਿੰਘ ਜੱਗੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਕਸਬਾ ਰਾੜਾ ਸਾਹਿਬ ਵਿੱਚ ਮੋਦੀ, ਯੋਗੀ, ਸਾਹ ਤੇ ਕਾਰਪੋਰੇਟ ਕੰਪਨੀਆਂ ਦੇ ਪੁਤਲੇ ਫੂਕੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਲਖੀਮਪੁਰ ਘਟਨਾ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ, ਖੇਤੀ ਖੇਤਰ ਨੂੰ ਤਬਾਹ ਕਰਨ ਵਾਲੇ ਕਾਨੂੰਨ ਰੱਦ ਕਰਵਾਉਣ ਲਈ 18 ਅਕਤੂਬਰ ਨੂੰ 10 ਤੋਂ 4 ਵਜੇ ਤੱਕ ਸਾਰੇ ਭਾਰਤ ਵਿੱਚ ਰੇਲ ਮਾਰਗ ਜਾਮ ਕੀਤਾ ਜਾ ਰਿਹਾ ਹੈ ਅਤੇ ਲਖੀਮਪੁਰ ਵਿੱਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਵੀ ਹੁਸੈਨੀ ਬਾਰਡਰ ’ਤੇ ਜਲ ਪ੍ਰਵਾਹ ਕਰਕੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ,ਪਰਮਵੀਰ ਸਿੰਘ ਘਲੋਟੀ ਬਲਾਕ ਕਨਵੀਨਰ,ਜਗਮੀਤ ਸਿੰਘ ਕਲਾਹੜ,ਮਾ. ਰਾਜਿੰਦਰ ਸਿੰਘ ਸਿਆੜ,ਰਵਨਦੀਪ ਸਿੰਘ ਘਲੋਟੀ ਸ਼ਾਮਲ ਹੋਏ ।

ਗੁਰੂਸਰ ਸੁਧਾਰ (ਸੰਤੋਖ ਗਿੱਲ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਲੁਧਿਆਣਾ-ਫ਼ਿਰੋਜ਼ਪੁਰ ਕੌਮੀ ਮਾਰਗ ਉੱਪਰ ਮੁੱਲਾਂਪੁਰ ਮੰਡੀ ਦੇ ਮੁੱਖ ਚੌਕ ਵਿੱਚ ਕੁੱਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ), ਟਰੇਡ ਯੂਨੀਅਨਾਂ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਮੋਦੀ, ਯੋਗੀ, ਅਮਿੱਤ ਸਾਹ ਅਤੇ ਅਜੇ ਮਿਸ਼ਰਾ ਦੇ ਪੁਤਲੇ ਫੂਕੇ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ 18 ਅਕਤੂਬਰ ਨੂੰ ਮੁੱਲਾਂਪੁਰ ਵਿਚ ਰੇਲਵੇ ਸਟੇਸ਼ਨ ‘ਤੇ ਕਿਸਾਨ-ਮਜ਼ਦੂਰ, ਦੁਕਾਨਦਾਰਾਂ, ਆੜ੍ਹਤੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ ਰੇਲ ਰੋਕੋ ਪ੍ਰੋਗਰਾਮ ਵਿਚ ਸ਼ਮੂਲੀਅਤ ਦੀ ਅਪੀਲ ਕੀਤੀ। ਕਿਸਾਨ ਆਗੂ ਸਤਨਾਮ ਸਿੰਘ ਵੜੈਚ, ਰੂਪ ਬਸੰਤ ਸਿੰਘ, ਸੁਖਵਿੰਦਰ ਸਿੰਘ ਹੰਬੜਾਂ, ਸੀਟੂ ਆਗੂ ਪ੍ਰਕਾਸ਼ ਸਿੰਘ ਹਿੱਸੋਵਾਲ, ਬਲਦੇਵ ਸਿੰਘ ਪਮਾਲ ਅਤੇ ਦਰਸ਼ਨ ਸਿੰਘ ਖਹਿਰਾ ਨੇ ਸੰਬੋਧਨ ਕੀਤਾ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਤੋਂ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਜਨਾਜ਼ਾ ਲਿਜਾ ਕੇ ਕਸਬਾ ਡੇਹਲੋਂ ਦੇ ਮੁੱਖ ਚੌਕ ਵਿਚ ਫੂਕਿਆ ਗਿਆ। ਇਸ ਦੌਰਾਨ ਡੇਹਲੋਂ ਦੇ ਮੁੱਖ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਗਿਆ। ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ, ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਨੇ ਇਸ ਮੌਕੇ ਸੰਬੋਧਨ ਕੀਤਾ।

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਇੱਥੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਤਹਿਤ ਸਥਾਨਕ ਦਸਹਿਰਾ ਮੈਦਾਨ ’ਚ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਤੇ ਯੋਗੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪ੍ਰਾਚੀਨ ਕਾਲ ਤੋਂ ਲੋਕ ਰਾਵਣ ਦੇ ਪੁਤਲੇ ਫੂਕਦੇ ਆ ਰਹੇ ਹਨ ਪਰ ਕਾਰਪੋਰੇਟ ਘਰਾਣੇ ਤੇ ਉਨ੍ਹਾਂ ਦੀ ਚਹੇਤੀ ਮੋਦੀ ਸਰਕਾਰ ਰਾਵਣ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦਸਹਿਰੇ ਦੇ ਤਿਉਹਾਰ ਨੂੰ ਵਿਲੱਖਣ ਢੰਗ ਨਾਲ ਮਨਾਉਂਦਿਆਂ ਰਾਵਣ ਰੂਪੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਜਗਦੀਸ਼ ਰਾਏ ਬੌਬੀ, ਜਥੇਦਾਰ ਮਨਮੋਹਨ ਸਿੰਘ ਖੇੜਾ, ਕੇਵਲ ਸਿੰਘ ਮੰਜਾਲੀਆਂ, ਗੁਰਦੇਵ ਸਿੰਘ ਮੰਜਾਲੀਆਂ ਸ਼ਾਮਲ ਸਨ।

ਅੰਗਰੇਜ਼ਾਂ ਦੇ ਨਕਸ਼ੇ ਕਦਮਾਂ ’ਤੇ ਚੱਲੀ ਮੋਦੀ ਸਰਕਾਰ : ਸੁਪਿੰਦਰ ਸਿੰਘ ਬੱਗਾ

ਕੁਬੇ ਟੌਲ ਪਲਾਜ਼ਾ ’ਤੇ ਪੁਤਲੇ ਫੂਕੇ ਜਾਣ ਮੌਕੇ ਇੱਕਤਰ ਹੋਏ ਇਲਾਕੇ ਦੇ ਕਿਸਾਨ।

ਸਮਰਾਲਾ (ਡੀਪੀਐੱਸ ਬੱਤਰਾ):ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਜਪਾ ਆਗੂਆਂ ਦੇ ਪੁਤਲੇ ਫੂਕਦੇ ਹੋਏ ਵਿਖਾਵਾ ਕੀਤਾ ਗਿਆ। ਇਸ ਮੌਕੇ ਬੀਕੇਯੂ ਏਕਤਾ (ਸਿੱਧੂਪੁਰ) ਦੇ ਕਾਰਜਕਾਰੀ ਬਲਾਕ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਮੋਦੀ ਸਰਕਾਰ ਦਾ ਅੰਤ ਨੇੜੇ ਆ ਗਿਆ ਹੈ, ਜਿਸ ਤਰ੍ਹਾਂ ਅੰਗਰੇਜ਼ਾਂ ਨੇ ਜੱਲ੍ਹਿਆਂਵਾਲੇ ਬਾਗ ਵਿੱਚ ਨਿਹੱਥੇ ਲੋਕਾਂ ਤੇ ਗੋਲੀਆਂ ਚਲਾਈਆਂ ਸਨ ਉਸੇ ਤਰ੍ਹਾਂ ਹੀ ਭਾਜਪਾ ਨੇ ਲਖੀਮਪੁਰ ਖੀਰੀ ਵਿੱਚ ਨਿਹੱਥੇ ਕਿਸਾਨਾਂ ਨੂੰ ਗੱਡੀਆਂ ਹੇਠ ਕੁਚਲਿਆ ਹੈ। ਓਧਰ ਘੁਲਾਲ ਟੌਲ ਪਲਾਜ਼ਾ ਵਿੱਚ ਬੀਕੇਯੂ ਕਾਦੀਆ ਦੇ ਆਗੂ ਹਰਦੀਪ ਸਿੰਘ ਗਿਆਸਪੁਰਾ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਆਪਣੇ ਹੀ ਦੇਸ਼ ਦੇ ਅੰਨਦਾਤੇ ਦੀਆਂ ਜੜ੍ਹਾਂ ਪੁੱਟਣ ਲੱਗਿਆ ਹੋਇਆ ਹੈ। ਉਧਰ, ਦਿਆਲਪੁਰਾ ਬਾਈਪਾਸ ਵਿੱਚ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਨੇ ਵੀ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ’ਤੇ ਚੰਡੀਗੜ-ਲੁਧਿਆਣਾ ਹਾਈਵੇਅ ਤੇ ਦਿਆਲਪੁਰਾ ਪੁਲ ਥੱਲੇ ਮੋਦੀ ਸਰਕਾਰ ਖਿਲਾਫ ਰੋਸ ਮੁਜ਼ਹਰਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁਤਲੇ ਫੂਕੇ ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All