ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 28 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਬਬਲੂ ਲੋਪੋਂ ਨੇ ਅੱਜ ਜੰਗਲਾਤ ਵਿਭਾਗ ਵੱਲੋਂ ਸਤਲੁਜ ਦਰਿਆ ਕਿਨਾਰੇ ਕੀਤੇ ਜਾ ਰਹੇ ਉਜਾੜੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਰੀਬਾਂ ਨੂੰ ਬੇਰੁਜ਼ਗਾਰ ਤੇ ਬੇਘਰ ਕਰਨ ਵਾਲੀ ਕਾਂਗਰਸ ਸਰਕਾਰ ਤੇ ਅਫ਼ਸਰਸ਼ਾਹੀ ਨੂੰ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਸਰਮਾਏਦਾਰਾਂ ਵੱਲੋਂ ਖੋਲ੍ਹੇ ਸ਼ਰਾਬ ਦੇ ਠੇਕੇ ਕਿਉਂ ਨਹੀਂ ਦਿਖਾਈ ਦਿੰਦੇ। ਉਨ੍ਹਾਂ ਸਵਾਲ ਕੀਤਾ ਕਿ ਉਨ੍ਹਾਂ ਦੇ ਨਜਾਇਜ਼ ਕਬਜ਼ੇ ਕਿਉਂ ਨਹੀਂ ਹਟਾਏ ਜਾ ਰਹੇ। ਅਕਾਲੀ ਆਗੂਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਜੰਗਲਾਤ ਵਿਭਾਗ ਦੀ ਅਫ਼ਸਰਸ਼ਾਹੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀ ਦੋਗਲੀ ਨੀਤੀ ਛੱਡ ਦੇਵੇ, ਕਿਸਾਨਾਂ ਦਾ ਉਜਾੜਾ ਬੰਦ ਕਰ ਦੇਵੇ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।
ਜੰਗਲਾਤ ਵਿਭਾਗ ਦੇ ਅਧਿਕਾਰੀ ਨੂੰ ਜਵਾਬ ਨਾ ਸੁੱਝਿਆ
ਜਦੋਂ ਪੱਤਰਕਾਰ ਵੱਲੋਂ ਜੰਗਲਾਤ ਵਿਭਾਗ ਦੇ ਜ਼ਿਲ੍ਹਾ ਅਫ਼ਸਰ ਚਰਨਜੀਤ ਸਿੰਘ ਨੂੰ ਪੁੱਛਿਆ ਗਿਆ ਕਿ ਕਿਸਾਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾ ਰਹੇ ਹਨ ਜਦਕਿ ਦੂਸਰੇ ਪਾਸੇ ਰੋਪੜ ਤੋਂ ਲੈ ਕੇ ਲੁਧਿਆਣਾ ਤੱਕ ਵਿਭਾਗ ਦੀ ਜ਼ਮੀਨ ’ਤੇ ਦਰਜਨਾਂ ਹੀ ਸ਼ਰਾਬ ਠੇਕੇਦਾਰਾਂ ਨੇ ਨਾਜਾਇਜ਼ ਕਬਜ਼ਾ ਕਰਕੇ ਠੇਕੇ ਖੋਲ੍ਹੇ ਹਨ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਪੱਤਰਕਾਰਾਂ ਵਲੋਂ ਜਦੋਂ ਇਹ ਪੁੱਛਿਆ ਕਿ ਕਿਸਾਨਾਂ ਨੂੰ ਨੋਟਿਸ ਜਾਰੀ ਕੀਤੇ ਬਿਨਾਂ ਹੀ ਉਜਾੜਿਆ ਜਾ ਰਿਹਾ ਹੈ ਤਾਂ ਅਧਿਕਾਰੀ ਨੇ ਫੋਟ ਕੱਟ ਦਿੱਤਾ।