ਪੱਤਰ ਪ੍ਰੇਰਕ
ਜਗਰਾਉਂ, 30 ਅਪਰੈਲ
ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂ ਘਰ ਪਾਤਸ਼ਾਹੀ ਛੇਵੀਂ ਪਿੰਡ ਹਠੂਰ ਦੀ ਪ੍ਰਬੰਧਕੀ ਕਮੇਟੀ ਵੱਲੋਂ ਪਰਵਾਸੀ ਪਰਿਵਾਰਾਂ, ਨਗਰ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੰਗਰ ਹਾਲ ਲਈ ਨਵੀਂ ਇਮਾਰਤ ਤਿਆਰ ਕੀਤੀ ਜਾ ਰਹੀ ਹੈ। ਇਸ ਲੰਗਰ ਹਾਲ ਦਾ ਨੀਂਹ ਪੱਥਰ ਰੱਖਣ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਨੇ ਦੱਸਿਆ ਕਿ ਨਵੇਂ ਬਣਨ ਵਾਲੇ ਲੰਗਰ ਹਾਲ ਨੂੰ ਤਿਆਰ ਕਰਨ ਲਈ ਕਰੀਬ 60 ਲੱਖ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ। ਇਸ ਮੌਕੇ ਅਕਾਲੀ ਆਗੂ ਸਰਪੰਚ ਮਲਕੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਈ ਨੂੰ ਸਹੀ ਸੇਧ ਦੇਣ ਵਾਲੇ ਧਾਰਮਿਕ ਸਥਾਨਾਂ ਦੀ ਸੇਵਾ ’ਚ ਪਾਰਟੀਬਾਜ਼ੀ ਦਾ ਦਖਲ ਨਹੀਂ ਹੋਣਾ ਚਾਹੀਦਾ। ਗੁਰੂ ਘਰ ਦੀ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਤੇ ਸਰਪੰਚ ਮਲਕੀਤ ਸਿੰਘ ਧਾਲੀਵਾਲ ਨੇ ਨੀਂਹ ਰੱਖਣ ਵਾਲੇ ਸਿੰਘ ਸਾਹਿਬਾਨਾਂ ਦਾ ਸਨਮਾਨ ਕੀਤਾ ਅਤੇ ਇਸ ਸੇਵਾ ’ਚ ਸਵੈ ਇੱਛਾ ਨਾਲ ਦਾਨ ਕਰਨ ਵਾਲੇ ਦਾਨੀ ਪਰਿਵਾਰਾਂ ਦਾ ਧੰਨਵਾਦ ਕੀਤਾ।