ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਮੀਟਿੰਗ ’ਚ ਅਹਿਮ ਫ਼ੈਸਲੇ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਮੋਰਚੇ ਦੇ ਕੋ ਕਨਵੀਨਰ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਡਿੰਪਲ ਰੋਹੇਲਾ ਤੇ ਸੂਬਾ ਕਮੇਟੀ ਮੈਂਬਰਜ਼ ਸ਼ਾਮਿਲ ਹੋਏ। ਇਸ ਤੋਂ ਇਲਾਵਾ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਜਨਰਲ ਸਕੱਤਰ ਪਰਵੀਨ ਕੁਮਾਰ ਲੁਧਿਆਣਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਮੀਟਿੰਗ ਦੌਰਾਨ ਆਗੂਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਰੋਸ ਵਜੋਂ ਤਰਨ ਤਰਨ ਵਿੱਚ ਹੋ ਰਹੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਤੋਂ ਪੈਨਸ਼ਨ ਲਾਗੂ ਨਾ ਕਰਨ ਦਾ ਸਵਾਲ ਪੁੱਛਿਆ ਜਾਵੇਗਾ। ਐਕਸ਼ਨ ਦੌਰਾਨ ਮੋਰਚੇ ਵੱਲੋਂ ਸਮੂਹਿਕ ਵਫਦ ਕਾਲੇ ਚੋਲੇ ਪਾ ਕੇ ਮਾਰਚ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਘਰ ਵੱਲ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਉੱਤੇ ਮੁਲਾਜ਼ਮਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐੱਨ ਪੀ ਐੱਸ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ 01-01-2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲ੍ਹਿਆ ਹੈ। ਇਸ ਮੌਕੇ ਆਗੂਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਰੱਦ ਕਰਦੇ ਹੋਏ ਪੰਜਾਬ ਸਰਕਾਰ ਤੋਂ 1972 ਦੇ ਪੈਂਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ।
