ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 5 ਸਤੰਬਰ
ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ ਵਿੱਚ ਅੱਜ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਆਮ ਆਦਮੀ ਪਾਰਟੀ ਦਾ ਦਫ਼ਤਰ ਖੋਲ੍ਹਿਆ ਗਿਆ, ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰੋੜੀ ਨੇ ਕਿਹਾ ਕਿ ਇਸ ਦਫ਼ਤਰ ਵਿੱਚ ਇਲਾਕੇ ਦੀ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਦਾ ਸਾਰਾ ਸੈਸ਼ਨ ਲਾਈਵ ਦਿਖਾਇਆ ਅਤੇ ਵਿਰੋਧੀ ਪਾਰਟੀਆਂ ਨੂੰ ਲੋਕ ਹਿੱਤਾਂ ਵਾਲੇ ਮੁੱਦਿਆਂ ’ਤੇ ਬਹਿਸ ਕਰਨ ਦਾ ਪੂਰਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਵੀ ਪੂਰੀ ਨਿਰਪੱਖਤਾ ਨਾਲ ਕੰਮ ਕੀਤਾ ਜਾਵੇਗਾ।