ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਮਾਰਚ
ਸਨਅਤੀ ਸ਼ਹਿਰ ਦੇ ਜਮਾਲਪੁਰ ਇਲਾਕੇ ਵਿਚ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ 225 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ) ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਹ ਐਸ.ਟੀ.ਪੀ. 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢਾ ਨਾਲਾ ਕਾਇਆ ਕਲਪ ਪ੍ਰਾਜੈਕਟ ਦਾ ਹੀ ਹਿੱਸਾ ਹੈ। ਇਹ ਸੂਬੇ ਦਾ ਸਭ ਤੋਂ ਵੱਡਾ ਐਸਟੀਪੀ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਬੁੱਢੇ ਨਾਲੇ ਦੇ 14 ਕਿਲੋਮੀਟਰ ਦੇ ਕਿਨਾਰਿਆਂ ਦੇ ਦੋਵਾਂ ਪਾਸਿਆਂ ਤੋਂ ਜਾਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਬੁੱਢਾ ਨਾਲਾ ਟਾਸਕ ਫੋਰਸ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੌਂਸਲਰ ਤੇ ਅਧਿਕਾਰੀ ਮੌਜੂਦ ਸਨ।
ਮੰਤਰੀ ਆਸ਼ੂ ਨੇ ਕਿਹਾ ਕਿ ਜਮਾਲਪੁਰ ਵਿਚ ਤਿਆਰ ਕੀਤਾ ਜਾ ਰਿਹਾ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਸੂਬੇ ਦਾ ਸਭ ਤੋਂ ਵੱਡਾ ਪਲਾਂਟ ਹੈ। ਇਹ ਬੁੱਢੇ ਨਾਲੇ ਦੀ ਸਫ਼ਾਈ ਅਤੇ ਨਵੀਨੀਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦ ਹੀ ਬੁੱਢਾ ਨਾਲਾ ਸਾਫ਼ ਪਾਣੀ ਅਤੇ ਕਿਨਾਰਿਆਂ ਦੇ ਸੁੰਦਰੀਕਰਨ ਨਾਲ ਸਾਫ਼-ਸੁਥਰੀ ਦਿੱਖ ਪੇਸ਼ ਕਰੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ 650 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਨਾਲ ਜੁੜੇ ਕੰਮ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣਗੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਜੇ ਕਿਸੇ ਵਿਅਕਤੀ ਕੋਲ ਇਸ ਪ੍ਰਾਜੈਕਟ ਸਬੰਧੀ ਕੋਈ ਸੁਝਾਅ ਹੈ ਤਾਂ ਉਹ ਵਿਭਾਗ ਨੂੰ ਲਿਖਤੀ ਰੂਪ ਵਿੱਚ ਦੇ ਸਕਦੇ ਹਨ ਅਤੇ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ, ਉਨ੍ਹਾਂ 13.39 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢੇ ਨਾਲੇ ਦੇ ਦੋਵਾਂ ਪਾਸਿਆਂ ਦੇ ਕਿਨਾਰਿਆਂ ’ਤੇ 14 ਕਿਲੋਮੀਟਰ ਜਾਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਇਹ ਜਾਲ ਇਸ ਕਰ ਕੇ ਲਗਾਇਆ ਜਾ ਰਿਹਾ ਹੈ ਤਾਂ ਜੋ ਇਹ ਪੱਕਾ ਕੀਤਾ ਜਾ ਸਕੇ ਕਿ ਕੋਈ ਵੀ ਵਿਅਕਤੀ ਪਾਣੀ ਦੇ ਚੈਨਲ ਵਿੱਚ ਠੋਸ ਰਹਿੰਦ-ਖੂੰਹਦ ਨਾ ਸੁੱਟ ਸਕੇ।