ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਅਕਤੂਬਰ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਸਾਈਂ ਐਨਕਲੇਵ ਵਿੱਚ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਜਿਸ ’ਤੇ ਕਰੀਬ 7 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸ੍ਰੀ ਬੱਗਾ ਨੇ ਦੱਸਿਆ ਕਿ ਸਾਈਂ ਐਨਕਲੇਵ ਵਿੱਚ ਪਾਣੀ ਦੀ ਨਿਕਾਸੀ ਬੇਹੱਦ ਖਸਤਾ ਸੀ, ਜਿਸ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਹੁਣ ਸੀਵਰੇਜ ਦਾ ਕੰਮ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਲਾਂ ਆਉਣਗੀਆਂ, ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਕੌਂਸਲਰ ਸਾਬੀ ਤੂਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਅਤੇ ਇਲਾਕਾ ਵਾਸੀ ਮੌਜੂਦ ਸਨ।