ਖੇਤਰੀ ਪ੍ਰਤੀਨਿਧ
ਲੁਧਿਆਣਾ, 21 ਅਗਸਤ
ਸਥਾਨਕ ਐੱਸਸੀਡੀ ਸਰਕਾਰੀ ਕਾਲਜ ਲੁਧਿਆਣਾ ਵਿਚ 100 ਸਾਲਾਂ ਦੀ ਸਮਾਗਮੀ ਲੜੀ ਨੂੰ ਅੱਗੇ ਵਧਾਉਂਦਿਆਂ ਸੋਲਰ ਰੂਫ ਟਾਪ ਪਾਵਰ ਪਲਾਂਟ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਕੀਤਾ ਗਿਆ। ਇਸ ਮੌਕੇ ਸ੍ਰੀ ਆਸ਼ੂ ਨੇ ਕਿਹਾ ਕਿ ਪੂਰੇ ਸ਼ਹਿਰ ਨੂੰ ਸੁੰਦਰ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ ਅਤੇ ਇਹ ਪ੍ਰਾਜੈਕਟ ਵੀ ਇਸ ਵਿੱਚੋਂ ਇੱਕ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਬਲਕਾਰ ਸੰਧੂ ਅਤੇ ਨਗਰ ਨਿਗਮ ਦੇ ਕਮਿਸ਼ਨਰ ਪ੍ਰਦੀਪ ਕੁਮਾਰ ਸੱਬਰਵਾਲ ਵੀ ਪੁੱਜੇ।
ਕਾਲਜ ਪ੍ਰਿੰਸੀਪਲ ਡਾ. ਧਰਮ ਸਿੰਘ ਸੰਧੂ ਨੇ ਕਿਹਾ ਕਿ ਕਾਲਜ ਵਿੱਚ ਦਸ ਦੇ ਕਰੀਬ ਪੋਸਟ ਗ੍ਰੈਜੂਏਟ ਵਿਭਾਗ, ਗ੍ਰੈਜੂਏਟ ਵਿਭਾਗ ਸ਼ਾਮ ਦਾ ਕਾਲਜ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਹੋਸਟਲ ਹੋਣ ਕਰ ਕੇ ਬਿਜਲੀ ਦੀ ਖ਼ਪਤ ਬਹੁਤ ਜ਼ਿਆਦਾ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਕਾਲਜ ਰੋਜ਼ਾਨਾ 600 ਯੂਨਿਟ ਦੀ ਖ਼ਪਤ ਕਰ ਸਕੇਗਾ।
ਉਨ੍ਹਾਂ ਨੇ ਕੈਬਨਿਟ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਇਸ ਪ੍ਰਾਜੈਕਟ ਨੂੰ ਕਾਲਜ ਵਿੱਚ ਲਾਉਣ ’ਤੇ ਧੰਨਵਾਦ ਕੀਤਾ। ਇਸ ਪ੍ਰਾਜੈਕਟ ’ਤੇ 75 ਲੱਖ ਰੁਪਏ ਦੀ ਲਾਗਤ ਆਈ ਹੈ।