ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਹਨੇਵਾਲ ਦੀ ਨਵੀਂ ਅਨਾਜ ਮੰਡੀ ਵਿੱਚ 93.44 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਅਤਿ-ਆਧੁਨਿਕ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਕੀਤਾ। ਇਹ ਵਿਸ਼ੇਸ਼ ਸ਼ੈੱਡ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਨੂੰ ਭਾਰੀ ਮੀਂਹ ਅਤੇ ਗੜ੍ਹੇਮਾਰੀ ਵਰਗੀਆਂ ਮੌਸਮੀ ਮਾਰਾਂ ਤੋਂ ਸੁਰੱਖਿਅਤ ਰੱਖਣ ਲਈ ਬਣਾਇਆ ਗਿਆ ਹੈ। ਇਸ ਮੌਕੇ ਮੰਤਰੀ ਨੇ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੀ ਵੀ ਰਸਮੀ ਸ਼ੁਰੂਆਤ ਕਰਵਾਈ।
ਉਦਘਾਟਨ ਮੌਕੇ ਸੰਬੋਧਨ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਟਿਕਾਊ ਸਟੀਲ ਢਾਂਚਾ ਨਾ ਸਿਰਫ਼ ਅਨਾਜ ਦੀ ਗੁਣਵੱਤਾ ਬਰਕਰਾਰ ਰੱਖਣ ਵਿੱਚ ਮਦਦਗਾਰ ਸਾਬਤ ਹੋਵੇਗਾ, ਸਗੋਂ ਕਿਸਾਨਾਂ ਨੂੰ ਮੰਡੀ ਵਿੱਚ ਆਰਾਮ ਕਰਨ ਲਈ ਸੁਖਾਵੀਂ ਥਾਂ ਵੀ ਮੁਹੱਈਆ ਕਰਵਾਏਗਾ। ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਦੀ ਉਪਜ ਦੀ ਖ਼ਰੀਦ ਅਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਮਾਗਮ ਦੌਰਾਨ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੋਹਤਬਰ ਆਗੂ ਹਾਜ਼ਰ ਸਨ। ਇਲਾਕੇ ਦੇ ਕਿਸਾਨਾਂ ਨੇ ਨਵੇਂ ਸ਼ੈੱਡ ਦੀ ਸਹੂਲਤ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਮੰਡੀ ਵਿੱਚ ਫ਼ਸਲ ਦੀ ਸੰਭਾਲ ਸਬੰਧੀ ਵੱਡੀ ਚਿੰਤਾ ਖ਼ਤਮ ਹੋ ਜਾਵੇਗੀ। ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਅਨਾਜ ਮੰਡੀਆਂ ਨੂੰ ਕਿਸਾਨ-ਅਨੁਕੂਲ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਸਾਫ਼ ਅਤੇ ਸੁੱਕੀ ਕਣਕ ਲਿਆਉਣ ਦੀ ਅਪੀਲ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਵਾਰ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) 2,585 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਬਾਰਦਾਨੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਮੁਕੰਮਲ ਪ੍ਰਬੰਧ ਹਨ। ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਸਰਕਾਰ ਨੇ ਪੁਖ਼ਤਾ ਇੰਤਜ਼ਾਮ ਕੀਤੇ ਹਨ ਤਾਂ ਜੋ ਕਿਸੇ ਨੂੰ ਵੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਾਫ਼ ਅਤੇ ਸੁੱਕੀ ਕਣਕ ਹੀ ਲੈ ਕੇ ਆਉਣ।

