ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ
ਇਥੋਂ ਦੇ ਏਐੱਸ ਕਾਲਜ ਫਾਰ ਵਿਮੈੱਨ ਵਿੱਚ ਪ੍ਰਿੰਸੀਪਲ ਰਣਜੀਤ ਕੌਰ ਦੀ ਅਗਵਾਈ ਹੇਠਾਂ 79ਵਾਂ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ ਨੇ ਕੈਂਪਸ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਵਿਦਿਆਰਥੀਆਂ ਨੂੰ ਅਜ਼ਾਦੀ ਦਿਹਾੜੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਉਪਰੰਤ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਕੋਰੀਓਗ੍ਰਾਫ਼ੀ, ਭਾਸ਼ਨ, ਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜੋ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਿਰਫ਼ ਇਨ੍ਹਾਂ ਦੇਸ਼ ਭਗਤਾਂ ਦੇ ਬਲਿਦਾਨ ਸਦਕਾਂ ਹੀ ਪ੍ਰਾਪਤ ਹੋਈ ਹੈ, ਇਸ ਲਈ ਸਾਨੂੰ ਸਭ ਨੂੰ ਸ਼ਹੀਦਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ‘ਮੇਡ ਇੰਨ ਇੰਡੀਆ’ ਉਤਪਾਦਾਂ ਦੀ ਵਰਤੋਂ, ‘ਏਕ ਪੇੜ ਮਾਂ ਕੇ ਨਾਮ’ ਅਭਿਆਨ ਹੇਠ ਰੁੱਖ ਲਾਉਣ, ਵਾਤਾਵਰਣ ਦੀ ਸਫ਼ਾਈ ਅਤੇ ਪਾਣੀ ਬਚਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਆਉਨ ਵਾਲੇ ਸਮੇਂ ਵਿਚ ਭਾਰਤ ਵਿਸ਼ਵ ਸ਼ਕਤੀ ਬਣ ਸਕੇ। ਸਮਾਗਮ ਦੌਰਾਨ ਸ਼ੈਸ਼ਨ 2024-25 ਦੇ ਯੂਨੀਵਰਸਿਟੀ ਟਾਪਰਾਂ ਅਤੇ ਲੇਖ ਲਿਖਣ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸਭ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਰਾਜੇਸ਼ ਡਾਲੀ, ਐਡਵੋਕੇਟ ਨਵੀਨ ਥੰਮਣ, ਸੁਬੋਧ ਮਿੱਤਲ, ਸ਼ਿਵਮ ਬੇਦੀ ਨੇ ਹਰਿੰਦਰ ਕੌਰ, ਡਾ.ਗੋਲਡੀ ਗਰਗ ਅਤੇ ਡਾ.ਮੋਨਿਕਾ ਵੱਲੋਂ ਕਰਵਾਏ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਸਭ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ।
ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਦਾਨ ਵਿਚ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕਰਮ ਸਿੰਘ, ਪੁਸ਼ਕਰਰਾਜ ਸਿੰਘ, ਪਿੰ੍ਰਸੀਪਲ ਬਲਜੀਤ ਸਿੰਘ ਅਤੇ ਹੋਰ ਅਹੁਦੇਦਾਰਾਂ ਨੇ ਝੰਡਾ ਲਹਿਰਾਇਆ। ਉਨ੍ਹਾਂ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਦੇਸ਼ ਭਗਤੀ ਤੇ ਸਮਰਪਣ ਦੀ ਪ੍ਰੇਰਨਾ ਦਿੱਤੀ। ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਹਿੱਸਾ ਲੈਂਦਿਆਂ ਆਪਣੇ ਦੋਸਤਾਂ, ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਇਸ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੌਰਾਨ ਪੁਸ਼ਕਰਰਾਜ ਸਿੰਘ ਨੇ ਮਹਾਨ ਕਵੀ ਮੱਖਣ ਲਾਲ ਚਤੁਰਬੇਦੀ ਦੀ ਕਵਿਤਾ ‘ਪੁਸ਼ਪ ਕੀ ਅਭਿਲਾਸ਼ਾ’ ਸੁਣਾ ਕੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਨੌਜਵਾਨਾਂ ਵਿਚ ਦੇਸ਼ ਪ੍ਰਤੀ ਸਨਮਾਨ ਤੇ ਜ਼ੁੰਮੇਵਾਰੀ ਦੀ ਭਾਵਨਾ ਪੈਦਾ ਕੀਤੀ।