ਪੱਤਰ ਪ੍ਰੇਰਕ
ਮਾਛੀਵਾੜਾ, 12 ਅਕਤੂਬਰ
ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਾਲ ਲਕੀਰ ਅੰਦਰ ਪੁਰਾਣੇ ਕਾਬਜ਼ਕਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰਾ ਘਰ ਮੇਰੇ ਨਾਮ’ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਮਾਛੀਵਾੜਾ ਦੀ ਇੰਦਰਾ ਕਲੋਨੀ ’ਚ ਰਹਿੰਦੇ ਸੈਂਕੜੇ ਪਰਿਵਾਰਾਂ ਨੂੰ ਘਰਾਂ ਦੇ ਮਾਲਕੀ ਹੱਕ ਮਿਲਣਗੇ। ਢਿੱਲੋਂ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਮਾਛੀਵਾੜਾ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਨੈਸ਼ਨਲ ਕਾਲਜ ਨੂੰ ਸਰਕਾਰੀ ਕਾਲਜ ਦਾ ਦਰਜਾ, ਆਈਟੀਆਈ ਸਥਾਪਤ ਕਰਨਾ ਆਦਿ ਪੂਰੇ ਕਰ ਦਿੱਤੇ ਗਏ ਹਨ ਅਤੇ ਇੱਕ ਜੋ ਵਾਅਦਾ ਇੰਦਰਾ ਕਲੋਨੀ ਦੇ ਗਰੀਬ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦਾ ਸੀ, ਉਹ ਵੀ ਇਸ ਯੋਜਨਾ ਤਹਿਤ ਪੂਰਾ ਕਰ ਦਿੱਤਾ ਜਾਵੇਗਾ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਾਛੀਵਾੜਾ ਸ਼ਹਿਰ ’ਚ ਜੋ ਗਰੀਬ ਪਰਿਵਾਰ ਸਰਕਾਰੀ ਜ਼ਮੀਨ ’ਤੇ ਪਿਛਲੇ ਕਈ ਸਾਲਾਂ ਤੋਂ ਕਾਬਜ਼ ਹਨ, ਉਨ੍ਹਾਂ ਨੂੰ ਵੀ ਇਸ ਯੋਜਨਾ ਤਹਿਤ ਲਿਆ ਕੇ ਮਾਲਕੀ ਹੱਕ ਦਿਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।