ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਸਤੰਬਰ
ਸਨਅਤੀ ਸ਼ਹਿਰ ਨੂੰ ਧੂੜ-ਮਿੱਟੀ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਅੱਜ ਲੁਧਿਆਣਾ ਵਿੱਚ ਐਂਟੀ ਸਮੋਗ ਗੰਨ ਨੂੰ ਹਰੀ ਝੰਡੀ ਦਿੱਤੀ ਗਈ। ਇਹ ਸਮੋਗ ਗੰਨ ਲੁਧਿਆਣਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਾਏਗੀ। ਇਹ ਇੱਕ ਮਸ਼ੀਨ ਹੈ, ਜੋਕਿ ਪਾਣੀ ਦੇ ਟੈਂਕਰ ਵਿੱਚੋਂ ਪਾਣੀ ਖਿੱਚ ਕੇ ਫੁਹਾਰੇ ਦੀ ਤਰ੍ਹਾਂ 100 ਮੀਟਰ ਦੀ ਉਚਾਈ ਤੱਕ ਛਿੜਕਾਅ ਕਰਦੀਆਂ ਹਨ ਜੋ ਪ੍ਰਦੂਸ਼ਣ ਕਾਰਨ ਪੈਦਾ ਹੋਈ ਧੁੰਦ ਦਾ ਨਿਪਟਾਰਾ ਕਰਨ ਲਈ ਲਾਹੇਵੰਦ ਸਿੱਧ ਹੋਣਗੀਆਂ। ਇਹ ਐਂਟੀ ਸਮੋਗ ਗੰਨਜ਼ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਹਨ। ਇਸ ਤੋਂ ਇਲਾਵਾ ਦੋਵਾਂ ਕੈਬਨਿਟ ਮੰਤਰੀਆਂ ਨੇ ਸਿੰਗਲ ਵਿੰਡੋ ਸਿਸਟਮ ਅਤੇ ਡਿਜੀਟਲ ਸਵੈ-ਸਹਾਇਤਾ ਕਿਓਸਕ ਨੂੰ ਵੀ ਸਮਰਪਿਤ ਕੀਤਾ ਤਾਂ ਜੋ ਲੋਕਾਂ ਨੂੰ ਆਸਾਨੀ ਨਾਲ ਨਿਗਮ ਸੇਵਾਵਾਂ ਦੀ ਤੁਰੰਤ ਡਿਲੀਵਰੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸਿੰਗਲ ਵਿੰਡੋ ਸਿਸਟਮ ਤਹਿਤ ਸਾਰੇ ਨਗਰ ਨਿਗਮ ਦਫ਼ਤਰਾਂ ਵਿੱਚ ਸਾਂਝੇ ਕਾਊਂਟਰ ਸਥਾਪਤ ਕੀਤੇ ਗਏ ਹਨ ਜਿੱਥੇ ਲੋਕ ਇੱਕ ਕਾਊਂਟਰ ਤੋਂ ਵੱਖ-ਵੱਖ ਨਗਰ ਨਿਗਮ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਤਾਂ ਜੋ ਵੱਖ-ਵੱਖ ਕਾਊਂਟਰਾਂ ਤੋਂ ਆਪਣੇ ਕੰਮ ਕਰਵਾਉਣ ਵਿੱਚ ਲੋਕਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਅਤੇ ਸਮੇਂ ਦੀ ਬਰਬਾਦੀ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਹਰੇਕ ਸੇਵਾ ਲਈ ਵਿਧੀ ਨੂੰ ਸਰਲ ਬਣਾਇਆ ਗਿਆ ਹੈ ਤੇ ਇਸ ਨੂੰ ਲਿੰਕ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਇੱਕ ਸ਼ਾਖਾ ਤੋਂ ਦੂਜੀ ਸ਼ਾਖਾ ’ਤੇ ਨਹੀਂ ਜਾਣਾ ਪਵੇਗਾ।
‘ਆਪ’ ਕਿਸੇ ਈਡੀ ਦੀ ਕਾਰਵਾਈ ਤੋਂ ਨਹੀਂ ਡਰਦੀ: ਜਿੰਪਾ
ਲੁਧਿਆਣਾ: ਸਨਅਤੀ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਪਾਰ ਤੇ ਉਦਯੋਗ ਵਿੰਗ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਪੁੱਜੇ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਪ ਈਡੀ ਦੀ ਕਿਸੇ ਕਾਰਵਾਈ ਤੋਂ ਨਹੀਂ ਡਰਦੀ। ਉਨ੍ਹਾਂ ਕਿਹਾ ਕਿ ਆਪ ਦੇ ਸਾਰੇ ਵਰਕਰ ਕੱਟੜ ਹਨ ਤੇ ਉਹ ਪਾਰਟੀ ਦੀਆਂ ਚੰਗੀਆਂ ਨੀਤੀਆਂ ਕਾਰਨ ਪਾਰਟੀ ਨਾਲ ਜੁੜੇ ਹੋਏ ਹਨ। ਕੈਬਨਿਟ ਮੰਤਰੀ ਜਿੰਪਾ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੋਵੇਂ ਇਸ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਸਨ। ‘ਆਪ’ ਦੇ ਵਪਾਰ ਅਤੇ ਉਦਯੋਗ ਵਿੰਗ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਜਿੰਪਾ ਅਤੇ ਡਾ. ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਉਦਯੋਗ ਨੀਤੀ ’ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਖਰੜੇ ਨੂੰ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਪ੍ਰਵਾਨਗੀ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਉਦਯੋਗ ਸੂਬੇ ਦੇ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਸੂਬੇ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਉਪਰੰਤ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਇਸ ਦੌਰਾਨ ਡਾ. ਨਿੱਝਰ ਨੇ ਕਿਹਾ ਕਿ ਨਹਿਰੀ ਪਾਣੀ ਪ੍ਰਾਜੈਕਟ ਦੇ ਮੁਕੰਮਲ ਹੋਣ ’ਤੇ ਲੁਧਿਆਣਾ ਨੂੰ ਤਿੰਨ ਸਾਲਾਂ ਬਾਅਦ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ।