Ludhiana Industry Power Cuts: ਬਿਜਲੀ ਕੱਟਾਂ ਖ਼ਿਲਾਫ਼ ਸਨਅਤਕਾਰਾਂ ਦਾ ਧਰਨਾ ਮੁਲਤਵੀ
ਪਾਵਰਕੌਮ ਅਧਿਕਾਰੀਆਂ ਨਾਲ ਮੀਟਿੰਗ; ਨਿਰਵਿਘਨ ਬਿਜਲੀ ਸਪਲਾਈ ਦਾ ਭਰੋਸਾ
ਵੱਖ-ਵੱਖ ਸਨਅਤੀ ਐਸੋਸੀਏਸ਼ਨਾਂ ਨੇ ਬਿਜਲੀ ਕੱਟਾਂ ਖ਼ਿਲਾਫ਼ ਅੱਜ ਦਿੱਤਾ ਜਾਣ ਵਾਲਾ ਧਰਨਾ ਪਾਵਰਕੌਮ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਮੁਲਤਵੀ ਕਰ ਦਿੱਤਾ ਹੈ। ਪੰਜਾਬ ਵਿੱਚ ਉਦਯੋਗਾਂ ਨੂੰ ਆ ਰਹੀ ਬਿਜਲੀ ਦੀ ਗੰਭੀਰ ਸਮੱਸਿਆ ਅਤੇ ਲਗਾਤਾਰ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਭਲਕੇ 8 ਸਤੰਬਰ ਨੂੰ ਸਵੇਰੇ 11 ਵਜੇ ਫਿਰੋਜ਼ਪੁਰ ਰੋਡ ਸਥਿਤ ਪਾਵਰਕੌਮ ਸੈਂਟਰਲ ਜ਼ੋਨ ਦਫ਼ਤਰ ਵਿੱਚ ਸਾਂਝੇ ਤੌਰ ’ਤੇ ਸ਼ਾਂਤਮਈ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ। ਅੱਜ ਸਵੇਰੇ ਪਾਵਰਕੌਮ ਦੇ ਚੀਫ਼ ਇੰਜਨੀਅਰ ਦਫ਼ਤਰ ਵੱਲੋਂ ਸਮੂਹ ਉਦਯੋਗਿਕ ਐਸੋਸੀਏਸ਼ਨਾਂ ਨੂੰ ਸੱਦਾ ਦਿੱਤਾ ਗਿਆ ਕਿ ਇਸ ਗੰਭੀਰ ਮਾਮਲੇ ’ਤੇ ਬੈਠ ਕੇ ਗੱਲਬਾਤ ਕੀਤੀ ਜਾਵੇ। ਇਸ ਸੱਦੇ ਉਪਰੰਤ ਵੱਖ-ਵੱਖ ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਉਨ੍ਹਾਂ ਦੀਆਂ ਟੀਮਾਂ ਨੇ ਚੀਫ਼ ਇੰਜਨੀਅਰ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬਿਜਲੀ ਸਪਲਾਈ ਅਤੇ ਉਦਯੋਗਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਹੋਈ। ਚੀਫ਼ ਇੰਜਨੀਅਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀ ਪੰਜਾਬ ਸਰਕਾਰ ਨਾਲ ਇਸ ਮਾਮਲੇ ਸਬੰਧੀ ਗੱਲਬਾਤ ਹੋ ਚੁੱਕੀ ਹੈ ਅਤੇ ਪਟਿਆਲਾ ਵਿੱਚ ਵੀ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਉਦਯੋਗਾਂ ਲਈ ਲੱਗਣ ਵਾਲਾ ਰੋਜ਼ਾਨਾ ਬਿਜਲੀ ਕੱਟ ਵੀ ਖ਼ਤਮ ਕਰ ਦਿੱਤਾ ਗਿਆ ਹੈ, ਜਿਸ ਨਾਲ ਉਦਯੋਗ ਜਗਤ ਨੂੰ ਤੁਰੰਤ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਬਿਜਲੀ ਸਪਲਾਈ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਪਾਵਰਕੌਮ ਵੱਲੋਂ ਉਦਯੋਗਾਂ ਨੂੰ ਪਹਿਲਾਂ ਸੂਚਿਤ ਕਰ ਕੇ ਹੀ ਕੱਟ ਲਗਾਇਆ ਜਾਵੇਗਾ। ਚੀਫ਼ ਇੰਜਨੀਅਰ ਦੇ ਭਰੋਸੇ ਮਗਰੋਂ ਧਰਨਾ ਫ਼ਿਲਹਾਲ ਮੁਲਤਵੀ ਕੀਤਾ ਗਿਆ ਹੈ। ਇਸ ਦੌਰਾਨ ਢੰਡਾਰੀ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੱਕੜ ਨੇ ਦੱਸਿਆ ਕਿ ਭਵਿੱਖ ਵਿੱਚ ਬਿਜਲੀ ਦੀ ਸਥਿਤੀ ਅਤੇ ਸਰਕਾਰ ਦੇ ਕਦਮਾਂ ਨੂੰ ਵੇਖਦਿਆਂ ਸਮੂਹ ਜਥੇਬੰਦੀਆਂ ਨੇ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ।

