ਗਗਨਦੀਪ ਅਰੋੜਾ
ਲੁਧਿਆਣਾ, 8 ਜੁਲਾਈ
ਸਨਅਤੀ ਸ਼ਹਿਰ ਵਿੱਚ ਅੱਜ ਜ਼ਿਲ੍ਹਾ ਮਹਿਲਾ ਕਾਂਗਰਸ ਦੀਆਂ ਕਾਰਕੁਨਾਂ ਨੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮਹਿਲਾਵਾਂ ਨੇ ਘੰਟਾ ਘਰ ਚੌਕ ਨੇੜੇ ਇਕੱਠੇ ਹੋ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਨੂੰ ਜਗਾਉਣ ਲਈ ਥਾਲੀਆਂ ਵੀ ਖੜਕਾਈਆਂ। ਵਰਕਰਾਂ ਨੇ ਪ੍ਰਦਰਸ਼ਨ ਦੌਰਾਨ ਰਸੋਈ ਗੈਸ ਸਿਲੰਡਰ ਦੇ ਕੱਟ-ਆਊਟ ਅਤੇ ਪੋਸਟਰ ਫੜੇ ਹੋਏ ਸਨ। ਪ੍ਰਦਰਸ਼ਨਕਾਰੀ ਮਹਿਲਾਵਾਂ ਨੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ।
ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਨੇ ਕਿਹਾ ਕਿ ਆਏ ਦਿਨ ਰਸੋਈ ਗੈਸ ਦੇ ਭਾਅ ਵੱਧ ਰਹੇ ਹਨ, ਜਿਸ ਕਾਰਨ ਲੋਕਾਂ ਦੇ ਘਰਾਂ ਦਾ ਬਜਟ ਹਿੱਲ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ’ਤੇ ਵਧ ਰਹੇ ਮਹਿੰਗਾਈ ਦੇ ਬੋਝ ਵੱਲ ਧਿਆਨ ਨਹੀਂ ਦੇ ਰਹੀ। ਮਨੀਸ਼ਾ ਨੇ ਕਿਹਾ ਕਿ 2024 ’ਚ ਲੋਕ ਸਭਾ ਚੋਣਾਂ ਦੌਰਾਨ ਲੋਕ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਪ੍ਰਦਰਸ਼ਨ
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਰਸੋਈ ਗੈਸ ਦੀਆਂ ਵਧੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਜਥੇਬੰਦੀ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਖ਼ਜ਼ਾਨਚੀ ਮਨਮੋਹਣ ਸਿੰਘ ਪੰਡੋਰੀ ਤੇ ਸਹਾਇਕ ਸਕੱਤਰ ਰਣਜੀਤ ਸਿੰਘ ਗੁੜੇ ਨੇ ਕਿਹਾ ਕਿ ਪਿਛਲੇ ਸਾਲ ਤੋਂ ਕੌਮਾਂਤਰੀ ਮੰਡੀ ਵਿੱਚ ਗੈਸ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੱਲ ਰਹੀ ਹੈ ਪਰ ਦੇਸ਼ ਵਿੱਚ ਵਾਧਾ ਲਗਾਤਾਰ ਜਾਰੀ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਹਿੰਗਾਈ ’ਤੇ ਜਲਦੀ ਨੱਥ ਨਾ ਪਾਈ ਗਈ ਤਾਂ ਉਹ ਦਿਨ ਦੂਰ ਨਹੀਂ ਜਦੋਂ ਸ੍ਰੀਲੰਕਾ ਵਾਂਗ ਮਹਿੰਗਾਈ ਅਤੇ ਬੇਰੁਜ਼ਗਾਰੀ ਕਾਰਨ ਦੇਸ਼ ਦਾ ਅਰਥਚਾਰਾ ਕੰਗਾਲੀ ਦੀ ਹੱਦ ’ਤੇ ਪਹੁੰਚ ਜਾਵੇਗਾ।