ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਜੁਲਾਈ
ਇਨਸਾਨੀਅਤ ਲੋਕ ਵਿਕਾਸ ਪਾਰਟੀ ਨੇ ਫਿਰੋਜ਼ਪੁਰ ਰੋਡ ਸਥਿਤ ਹੋਟਲ ਗੁਲਮੋਹਰ ਬਾਹਰ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਲੱਗੇ ਕਿਸਾਨ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਅਨਿਲ ਗੋਇਲ ਕਿਸਾਨ ਮੋਰਚੇ ਨੂੰ ਆਪਣਾ ਸਮਰਥਨ ਦੇਣ ਲਈ ਪਾਰਟੀ ਦੇ ਪ੍ਰਮੁੱਖ ਆਗੂਆਂ ਸਮੇਤ ਮੋਰਚੇ ਵਿੱਚ ਸ਼ਾਮਲ ਹੋਏ। ਗੋਇਲ ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਅਤੇ ਪੰਜਾਬ ਦੇ ਸ਼ਹਿਰੀ ਲੋਕਾਂ ਨੂੰ ਕਿਸਾਨੀ ਸੰਘਰਸ਼ ਨਾਲ ਜੋੜਨ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਚਲਾਈ ਗਈ ਮੁਹਿੰਮ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਅੰਨਦਾਤਿਆਂ ਕਿਸਾਨਾਂ ਸਮੇਤ ਸਮੁੱਚੇ ਭਾਰਤ ਵਾਸੀਆਂ ਨੂੰ ਆਰਥਿਕ, ਰਾਜਨੀਤਕ ਤੇ ਸਮਾਜਿਕ ਤੌਰ ’ਤੇ ਬਚਾਉਣਾ ਹੈ ਤਾਂ ਦੇਸ਼ ਦੀ ਸੱਤਾ ’ਤੇ ਕਾਬਜ਼ ਭ੍ਰਿਸ਼ਟ ਆਗੂਆਂ ਅਤੇ ਪੂੰਜੀਵਾਦੀਆਂ ਖ਼ਿਲਾਫ਼ ਸਾਨੂੰ ਪੂਰੀ ਇੱਕਜੁੱਟਤਾ ਨਾਲ ਆਪਣੀ ਆਵਾਜ਼ ਬੁਲੰਦ ਕਰਕੇ ਵੱਡਾ ਸ਼ੰਘਰਸ਼ ਕਰਨਾ ਪਵੇਗਾ। ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਨਿਮਾਣਾ ਨੇ ਅਨਿਲ ਗੋਇਲ ਅਤੇ ਸਾਥੀਆਂ ਨੂੰ ਸਨਮਾਨਿਤ ਵੀ ਕੀਤਾ।