ਮਾਛੀਵਾੜਾ ਅਨਾਜ ਮੰਡੀ ’ਚ ਕੰਡਿਆਂ ਦੀ ਜਾਂਚ
ਸਥਾਨਕ ਅਨਾਜ ਮੰਡੀ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਨੇ ਅੱਜ ਆੜ੍ਹਤੀਆਂ ਵੱਲੋਂ ਕਿਸਾਨਾਂ ਦੀ ਫ਼ਸਲ ਤੁਲਾਈ ਲਈ ਵਰਤੇ ਜਾ ਰਹੇ ਕੰਡਿਆਂ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਤੁਲਾਈ ਸਮੇਂ ਕੁਤਾਹੀ ਕਰਨ ਵਾਲੇ ਕਿਸੇ ਵੀ ਆੜ੍ਹਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲ ਤੁਲਾਈ ਵਿੱਚ ਹੇਰਾ-ਫੇਰੀ ਕਰਨ ਵਾਲੇ ਆੜ੍ਹਤੀ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੰਡੀ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਅਤੇ ਚੁਕਾਈ ਦਾ ਕੰਮ ਵੀ ਚੱਲ ਰਿਹਾ ਹੈ।
ਚੇਅਰਮੈਨ ਗਿੱਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਅਤੇ ਜੇ ਕੋਈ ਵੱਧ ਨਮੀ ਵਾਲਾ ਝੋਨਾ ਲੈ ਕੇ ਆਉਂਦਾ ਹੈ ਤਾਂ ਮਾਰਕੀਟ ਕਮੇਟੀ ਵੱਲੋਂ ਉਸ ਦੀ ਟਰਾਲੀ ਵਾਪਸ ਭੇਜੀ ਜਾਵੇਗੀ। ਚੇਅਰਮੈਨ ਗਿੱਲ ਨੇ ਕਿਹਾ ਕਿ ਕਿਸਾਨਾਂ ਨੂੰ ਵੱਧ ਨਮੀ ਵਾਲਾ ਝੋਨਾ ਵੇਚਣ ਵਿੱਚ ਮੁਸ਼ਕਲ ਆਉਂਦੀ ਹੈ ਇਸ ਲਈ ਉਹ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਲਿਆਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਿਸਾਨ ਨੂੰ ਅਨਾਜ ਮੰਡੀ ਵਿੱਚ ਆਪਣਾ ਸੁੱਕਾ ਝੋਨਾ ਵੇਚਣ ਵਿਚ ਕੋਈ ਮੁਸ਼ਕਲ ਆਉਂਦੀ ਹੈ ਜਾਂ ਕੋਈ ਉਸ ਤੋਂ ਕੱਟ ਜਾਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਪ੍ਰਵੀਨ ਮੱਕੜ ਵੀ ਮੌਜੂਦ ਸਨ।