ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਅਪਰੈਲ
ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਵੱਲੋਂ ਜੀਜੀਐੱਨ ਖਾਲਸਾ ਕਾਲਜ ਵਿੱਚ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਕੌਂਸਲ ਅਧੀਨ ਚੱਲ ਰਹੀਆਂ ਸਮੂਹ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਗੁਰੂ ਤੇਗ ਬਹਾਦਰ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਉਪਰ ਵਿਸ਼ੇਸ਼ ਤੌਰ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ, ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਉਪਰੰਤ ਵਿਸ਼ੇਸ਼ ਬੁਲਾਰੇ ਵੱਜੋਂ ਪੁੱਜੇ ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ ਦੇ ਆਨਰੇਰੀ ਡਾਇਰੈਕਟਰ ਇੰਦਰਪਾਲ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਵੱਲੋਂ ਦਰਸਾਏ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਦੇ ਮੰਤਵ ਨੂੰ ਮੁੱਖ ਰੱਖਦਿਆਂ ਗੁਜਰਾਂਵਾਲਾ ਗੁਰੂ ਨਾਨਕ ਸੰਸਥਾਵਾਂ ਵੱਲੋਂ ਅਜਿਹੇ ਸਾਹਿਤਕ ਅਤੇ ਅਕਾਦਮਿਕ ਮੰਚ ਲਗਾਤਾਰ ਸਿਰਜੇ ਜਾ ਰਹੇ ਹਨ, ਜਿਨ੍ਹਾਂ ਦੀ ਸਹਾਇਤਾ ਨਾਲ ਇਹ ਵਿੱਦਿਅਕ ਸੰਸਥਾਵਾਂ ਗੁਰੂ ਤੇਗ ਬਹਾਦਰ ਦੀ ਇਲਾਹੀ ਬਾਣੀ ਦਾ ਪ੍ਰਕਾਸ਼ ਸਮਾਜ ਦੇ ਹਰ ਕੋਨੇ ਵਿੱਚ ਫੈਲਾ ਰਹੀਆਂ ਹਨ।
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਅਤੇ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ. ਐਸਪੀ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਤੇਗ ਬਹਾਦਰ ਦੇ ਇਲਾਹੀ ਫਲਸਫੇ ਤੋਂ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕਰਨਾ ਸਭ ਦਾ ਅਕਾਦਮਿਕ ਅਤੇ ਨੈਤਿਕ ਫਰਜ਼ ਹੈ। ਅਰਵਿੰਦਰ ਸਿੰਘ ਆਨਰੇਰੀ ਜਨਰਲ ਸਕੱਤਰ ਨੇ ਕਿਹਾ ਕਿ ਬਹਾਦਰੀ ਦੇ ਪ੍ਰਤੀਕ ਗੁਰੂ ਤੇਗ ਬਹਾਦਰ ਨੇ ਆਪਣੇ ਸਮੇਂ ਦੀਆਂ ਨਫ਼ਰਤ, ਕੱਟੜਤਾ ਅਤੇ ਜ਼ੁਲਮ ਦਾ ਪ੍ਰਤੀਕ ਸਮੂਹ ਤਾਕਤਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ। ਇਸ ਮੌਕੇ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ, ਡਾ. ਗਜਿੰਦਰ ਸਿੰਘ, ਹਰਦੀਪ ਸਿੰਘ, ਹਰਸ਼ਰਨ ਸਿੰਘ ਨਰੂਲਾ, ਜਸਬੀਰ ਸਿੰਘ, ਅਰਵਿੰਦਰ ਪਾਲ ਸਿੰਘ, ਸੰਦੀਪ ਸਿੰਘ, ਪ੍ਰੋ. ਮਨਜੀਤ ਸਿੰਘ ਛਾਬੜਾ, ਡਾਇਰੈਕਟਰ, ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਪ੍ਰਿੰਸੀਪਲ ਸ਼ਿਖਾ ਸਹਿਜਪਾਲ ਆਦਿ ਹਾਜ਼ਰ ਸਨ।