ਲੁਧਿਆਣਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧ ਚਲਾ ਰਹੀਆਂ ਸਮੂਹ ਕਮੇਟੀਆਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਆਪਣੇ-ਆਪਣੇ ਸਬੰਧਤ ਗੁਰਦੁਆਰੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਰਜਿਸਟ੍ਰੇਸ਼ਨ ਕਰਵਾਉਣ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ ਨੇ ਅੱਜ ਇੱਥੋਂ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਹੈ ਕਿ ਸਿੱਖਾਂ ਅਤੇ ਸਮੁੱਚੀ ਮਾਨਵਤਾ ਦੀ ਸਰਵਉੱਚ ਅਤੇ ਸੁਤੰਤਰ ਅਥਾਰਟੀ ਅਕਾਲ ਤਖ਼ਤ ਸਾਹਿਬ ਹੈ। ਸਿੱਖਾਂ ਦੇ ਮਸਲੇ ਤੇ ਕੌਮੀ ਸਰੋਕਾਰਾਂ ਵੱਲ ਧਿਆਨ ਦੇ ਕੇ ਉਨ੍ਹਾਂ ਦਾ ਹੱਲ ਕਰਨਾ, ਨਿਰੰਤਰ ਸੰਪਰਕ ਤੇ ਮਿਲਵਰਤਣ ਅਤੇ ਕੌਮੀ ਮਦਦ ਬਣਾਈ ਰੱਖਣਾ ਅਤੇ ਜੀਵਨ ਦੇ ਹਰ ਪੱਖ ਤੋਂ ਸਿੱਖਾਂ ਦੀ ਅਗਵਾਈ ਕਰਨੀ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਅਧਿਕਾਰ ਅਤੇ ਕਾਰਜ ਖੇਤਰ ਦੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦਾ ਕਾਰਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਸ਼ੁਰੂ ਹੋ ਗਿਆ ਹੈ ਜੋ 30 ਨਵੰਬਰ, 2021 ਤੱਕ ਚਲੇਗਾ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਕੋਈ ਫੀਸ ਨਹੀਂ ਰੱਖੀ ਗਈ। ਰਜਿਸਟ੍ਰੇਸ਼ਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵੈਬਸਾਈਟ ’ਤੇ ਸੰਪਰਕ ਕੀਤਾ ਜਾ ਸਕਦਾ ਹੈ। -ਨਿੱਜੀ ਪੱਤਰ ਪ੍ਰੇਰਕ