ਭਾਰਤ ਦਾ ਦੁਨੀਆਂ ਦੀ ਚੌਥੀ ਅਰਥਵਿਵਸਥਾ ਬਣਨਾ ਮਾਣ ਵਾਲੀ ਗੱਲ: ਖੰਨਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੂਨ
ਭਾਜਪਾ ਦੇ ਕੌਮੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਇਥੇ ਕਿਹਾ ਭਾਰਤ ਦਾ ਦੁਨੀਆਂ ਦੀ ਚੌਥੀ ਅਰਥਵਿਵਸਥਾ ਬਣਨਾ 140 ਕਰੋੜ ਭਾਰਤੀਆਂ ਲਈ ਮਾਣ ਵਾਲੀ ਗੱਲ ਹੈ। ਉਹ ਅੱਜ ਭਾਜਪਾ ਆਗੂ ਰਾਸ਼ੀ ਅਗਰਵਾਲ ਦੇ ਗ੍ਰਹਿ ’ਤੇ ਸੰਬੋਧਨ ਕਰ ਰਹੇ ਸਨ ਜਿੱਥੇ ਉਨ੍ਹਾਂ ਨੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਹਰ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਕਰਕੇ ਵੱਖ ਵੱਖ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ।
ਇਸ ਮੌਕੇ ਰਾਸ਼ੀ ਅਗਰਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਚੁਣੀ ਸੀ, ਅੱਜ ਉਸੇ ਸਰਕਾਰ ਦੇ ਨੁਮਾਇੰਦੇ ਉਨ੍ਹਾਂ ਨੂੰ ਖੂਨ ਦੇ ਹੰਝੂ ਵਹਾਉਣ ਲਈ ਮਜਬੂਰ ਕਰ ਰਹੇ ਹਨ। ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਹੈ ਅਤੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਕਾਰਨ ਲੋਕ ਪ੍ਰੇਸ਼ਾਨ ਹਨ।