ਪੱਤਰ ਪ੍ਰੇਰਕ
ਪਾਇਲ, 4 ਮਈ
ਬਰਗਾੜੀ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਹਾਈ ਕੋਰਟ ਦੇ ਜੱਜ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ‘ਸਿੱਟ’ ਦੀ ਰਿਪੋਰਟ ਨੂੰ ਖਾਰਜ ਕਰਨ ਦੇ ਸਬੰਧ ਵਿੱਚ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਪੰਥਕ ਅਕਾਲੀ ਲਹਿਰ ਦੇ ਲਖਵੰਤ ਸਿੰਘ ਦੌਬੁਰਜੀ ਦੀ ਅਗਵਾਈ ਵਿੱਚ ਕੱਦੋ ਚੌਂਕ ਪਾਇਲ ਵਿੱਚ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ। ਸ੍ਰੀ ਗਿਆਸਪੁਰਾ ਨੇ ਕਿਹਾ ਕਿ ਸਾਲ 2015 ਵਿੱਚ ਅਕਾਲੀ ਸਰਕਾਰ ਦੇ ਰਾਜ ਸਮੇਂ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਬਾਰੇ ਦੋ ਕਮਿਸ਼ਨ ਜਸਟਿਸ ਜੋਰਾ ਸਿੰਘ ਅਤੇ ਜਸਟਿਸ ਰਣਜੀਤ ਸਿੰਘ ਤੋਂ ਇਲਾਵਾ ਗੁਟਕਾ ਸਾਹਿਬ ਹੱਥ ਵਿੱਚ ਫੜਕੇ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਬਣੀ ਐੱਸਆਈਟੀ ਨੂੰ 4 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ। ਕੋਰਟ ਵਿੱਚ 9 ਚਲਾਨ ਪੇਸ਼ ਹੋ ਚੁੱਕੇ ਹਨ, 10ਵਾਂ ਚਲਾਨ ਪੇਸ਼ ਕੀਤਾ ਜਾਣਾ ਸੀ ਕਿ ਅਚਾਨਕ ਹੀ ਹਾਈ ਕੋਰਟ ਦੇ ਜੱਜ ਵੱਲੋਂ ਰਿਪੋਰਟ ਰੱਦ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੱਜ ਸਾਹਿਬਾਨ ਵੱਲੋਂ ਕਰੋੜਾਂ ਸਿੱਖਾਂ ਦੀ ਭਾਵਨਾਵਾਂ ਨਾਲ ਖੇਡਿਆ ਗਿਆ ਹੈ ਜਿਸ ’ਤੇ ਰੋਸ ਵਿੱਚ ਰਿਪੋਰਟ ਨੂੰ ਸਾੜਿਆ ਗਿਆ ਹੈ।