31 ਤੱਕ ਬਿਨਾ ਜੁਰਮਾਨਾ ਭਰੀ ਜਾ ਸਕਦੀ ਹੈ ਆਈਟੀਆਰ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਜੁਲਾਈ
ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਲਈ ਨੋਟੀਫਾਈ ਕੀਤੀ ਗਈ ਵਨ ਟਾਈਮ ਸੈਟਲਮੈਂਟ (ਓ.ਟੀ.ਐਸ) ਨੀਤੀ ਦਾ ਲਾਭ ਲੈਣ ਦੀ ਆਖਰੀ 31 ਜੁਲਾਈ ਹੋਣ ਕਰਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਸਨੀਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਦੇ ਤਹਿਤ, ਜੇਕਰ 31 ਜੁਲਾਈ ਤੱਕ ਬਕਾਇਆ ਟੈਕਸ ਦਾ ਇੱਕਮੁਸ਼ਤ ਭੁਗਤਾਨ ਕੀਤਾ ਜਾਂਦਾ ਹੈ ਤਾਂ ਵਸਨੀਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਜੁਰਮਾਨੇ/ਵਿਆਜ ਦੇ ਜਮ੍ਹਾਂ ਕਰਵਾ ਸਕਦੇ ਹਨ।
ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਨੇ ਸ਼ੁੱਕਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਸਨੀਕਾਂ ਤੋਂ ਬਕਾਇਆ ਟੈਕਸ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਜ਼ੋਨਲ ਕਮਿਸ਼ਨਰ (ਜ਼ੋਨ ਏ) ਅਭਿਸ਼ੇਕ ਸ਼ਰਮਾ, ਜ਼ੋਨਲ ਕਮਿਸ਼ਨਰ (ਜ਼ੋਨ ਬੀ) ਨੀਰਜ ਜੈਨ, ਜ਼ੋਨਲ ਕਮਿਸ਼ਨਰ (ਜ਼ੋਨ ਸੀ) ਗੁਰਪਾਲ ਸਿੰਘ, ਜ਼ੋਨਲ ਕਮਿਸ਼ਨਰ (ਜ਼ੋਨ ਡੀ) ਜਸਦੇਵ ਸਿੰਘ ਸੇਖੋਂ, ਜ਼ੋਨਲ ਸੁਪਰਡੈਂਟਜ਼ (ਪ੍ਰਾਪਰਟੀ ਟੈਕਸ) ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਪਰਟੀ ਟੈਕਸ ਹਰ ਸਾਲ ਸਵੈ-ਮੁਲਾਂਕਣ ਦੇ ਆਧਾਰ ’ਤੇ ਅਦਾ ਕਰਨਾ ਪੈਂਦਾ ਹੈ। ਜੇਕਰ ਜਾਇਦਾਦ ਮਾਲਕ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਨਗਰ ਨਿਗਮ ਦੁਆਰਾ 20 ਪ੍ਰਤੀਸ਼ਤ ਜੁਰਮਾਨਾ ਅਤੇ ਬਕਾਇਆ ਰਕਮ ’ਤੇ 18 ਪ੍ਰਤੀਸ਼ਤ ਸਾਲਾਨਾ ਵਿਆਜ ਵਸੂਲਿਆ ਜਾਂਦਾ ਹੈ। ਇਸ ਓ.ਟੀ.ਐਸ ਨੀਤੀ ਦੇ ਤਹਿਤ, ਵਸਨੀਕ ਹੁਣ 31 ਜੁਲਾਈ, 2025 ਤੱਕ ਬਿਨਾਂ ਕਿਸੇ ਜੁਰਮਾਨੇ ਜਾਂ ਵਿਆਜ ਦੇ ਬਕਾਇਆ ਟੈਕਸ ਜਮ੍ਹਾਂ ਕਰਵਾ ਸਕਦੇ ਹਨ। ਬਕਾਇਆ ਪ੍ਰਾਪਰਟੀ ਟੈਕਸ ਨਗਰ ਨਿਗਮ ਦੇ ਜ਼ੋਨਲ ਦਫ਼ਤਰਾਂ ਵਿੱਚ ਸਥਿਤ ਸੁਵਿਧਾ ਕੇਂਦਰਾਂ ਵਿੱਚ ਜਮ੍ਹਾਂ ਕਰਵਾਇਆ ਜਾ ਸਕਦਾ ਹੈ।