ਸਤਵਿੰਦਰ ਬਸਰਾ
ਲੁਧਿਆਣਾ, 21 ਫਰਵਰੀ
ਆਨਲਾਈਨ ਪ੍ਰੀਖਿਆ ਲੈਣ ਦੀ ਮੰਗ ਲਈ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲ੍ਹੇਵਾਲ ਪੀਏਯੂ ਪਹੁੰਚੇ। ਉਨ੍ਹਾਂ ਨੇ ’ਵਰਸਿਟੀ ਦੇ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੀ ਮੰਗ ਜਲਦੀ ਮੰਨਣ ਦੀ ਅਪੀਲ ਕੀਤੀ ਹੈ।
ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਥਾਪਰ ਹਾਲ ਅੱਗੇ ਰੋਸ ਧਰਨਾ ਦਿੱਤਾ। ਇਸ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ’ਵਰਸਿਟੀ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਵਿਚ ਅਧਿਕਾਰੀਆਂ ਨੇ ਉਨ੍ਹਾਂ ਤੋਂ ਪ੍ਰੀਖਿਆ ਲੈਣ ਸਬੰਧੀ ਸੁਝਾਅ ਮੰਗੇ ਸਨ। ਸਮੂਹ ਵਿਦਿਆਰਥੀਆਂ ਵੱਲੋਂ ਜਿਸ ਤਰ੍ਹਾਂ ਪੜ੍ਹਾਈ ਆਨਲਾਈਨ ਹੋਈ, ਉਸੇ ਤਰ੍ਹਾਂ ਪ੍ਰੀਖਿਆ ਵੀ ਆਨਲਾਈਨ ਲੈਣ ਦੀ ਮੰਗ ਕੀਤੀ ਜਾ ਰਹੀ ਹੈ।
ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਹਮਾਇਤ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲ੍ਹੇਵਾਲ ਵੀ ਆ ਗਏ ਹਨ। ਅੱਜ ਉਨ੍ਹਾਂ ਨੇ ਧਰਨੇ ਵਿੱਚ ਸ਼ਮੂਲੀਅਤ ਕਰ ਕੇ ਸਮਰਥਨ ਦੇਣ ਦਾ ਭਰੋਸਾ ਦਿੱਤਾ। ਰੋਸ ਧਰਨੇ ’ਤੇ ਬੈਠੇ ਵਿਦਿਆਰਥੀਆਂ ਨੇ ਦਾਅਵਾ ਕੀਤਾ ਕਿ ਅੱਜ ਦੀ ਮੀਟਿੰਗ ’ਚ ’ਵਰਸਿਟੀ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ’ਤੇ ਅਮਲ ਕਰਨ ਦੀ ਕੋਸ਼ਿਸ਼ ਕੀਤੀ ਹੈ।
ਮਸਲਾ ਜਲਦੀ ਸੁਲਝਾ ਲਿਆ ਜਾਵੇਗਾ: ਗਿੱਲ
ਡੀਨ ਐਗਰੀਕਲਚਰ ਸਾਇੰਸ ਡਾ. ਐਮਆਈਐਸ ਗਿੱਲ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਵਿਦਿਆਰਥੀ ਆਨਲਾਈਨ ਪ੍ਰੀਖਿਆ ਦੀ ਮੰਗ ਕਰ ਰਹੇ ਹਨ ਜਦੋਂਕਿ ’ਵਰਸਿਟੀ ਵੱਲੋਂ ਆਫਲਾਈਨ ਪ੍ਰੀਖਿਆ ਦਾ ਸੁਝਾਅ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੀਟਿੰਗਾਂ ਰਾਹੀਂ ਇਸ ਮਸਲੇ ਨੂੰ ਸੁਲਝਾਅ ਲਿਆ ਜਾਵੇਗਾ।