ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਦਸੰਬਰ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਪੁਰਸਕਾਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਅੱਜ ਦੇ ਕਿਸਾਨਾਂ ਨੂੰ ਮੁਜ਼ਾਰਿਆਂ ਤੋਂ ਜ਼ਮੀਨਾਂ ਦੇ ਮਾਲਕ ਬਣਾਇਆ ਸੀ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਉਨ੍ਹਾਂ ਨੂੰ ਮੁੜ ਬੇਜਮੀਨੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਅੰਦੋਲਨ ਦੇ ਨਾਲ ਡਟ ਕੇ ਖੜੀ ਹੈ। ਇਸ ਮੌਕੇ ਵਿਧਾਇਕ ਰਮਿੰਦਰ ਆਂਵਲਾ, ਯੂਥ ਕਾਂਗਰਸ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ, ਚੇਅਰਮੈਨ ਪਵਨ ਸੋਨੀ, ਪਵਨ ਗਰਗ ਸਕੱਤਰ ਪੰਜਾਬ ਕਾਂਗਰਸ ਅਤੇ ਯੂਥ ਆਗੂ ਗਗਨਦੀਪ ਬਾਵਾ ਆਦਿ ਮੌਜੂਦ ਸਨ।