ਕੰਗ ਵੱਲੋਂ ਖੇਤੀਬਾੜੀ ਵਿਦਿਆਰਥੀਆਂ ਦੀਆਂ ਮੰਗਾਂ ਸਰਕਾਰ ਅੱਗੇ ਰੱਖਣ ਦਾ ਭਰੋਸਾ
ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਅਤੇ ਕਰ ਰਹੇ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਚੌਥੇ ਦਿਨ ਵੀ ਪੀਏਯੂ ਵਿੱਚ ਜਾਰੀ ਰਿਹਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਦਿਆਰਥੀ ਐਸੋਸੀਏਸ਼ਨ ਵੱਲੋਂ ਦਿੱਤੇ ਜਾ ਰਹੇ ਇਸ ਧਰਨੇ ਦੌਰਾਨ...
ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਅਤੇ ਕਰ ਰਹੇ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਚੌਥੇ ਦਿਨ ਵੀ ਪੀਏਯੂ ਵਿੱਚ ਜਾਰੀ ਰਿਹਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਦਿਆਰਥੀ ਐਸੋਸੀਏਸ਼ਨ ਵੱਲੋਂ ਦਿੱਤੇ ਜਾ ਰਹੇ ਇਸ ਧਰਨੇ ਦੌਰਾਨ ਵਿਦਿਆਰਥੀ ਆਗੂਆਂ ਦੀ ਯੂਨੀਵਰਸਿਟੀ ਅਥਾਰਟੀ ਦੀ ਅਗਵਾਈ ਹੇਠ ਉਪ ਕੁਲਪਤੀ ਦਫ਼ਤਰ ਵਿੱਚ ਐਮ.ਪੀ. ਮਾਲਵਿੰਦਰ ਸਿੰਘ ਕੰਗ ਨਾਲ ਮੀਟਿੰਗ ਹੋਈ। ਮੀਟਿੰਗ ਸੁਖਾਵੇ ਮਾਹੌਲ ਵਿੱਚ ਸੰਪੰਨ ਹੋਈ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਰੱਖੀਆਂ।
ਧਰਨਾ ਦੇ ਰਹੇ ਵਿਦਿਆਰਥੀਆਂ ਦੇ ਆਗੂਆਂ ਨੇ ਸਕੂਲਾਂ ਵਿੱਚ ਖੇਤੀਬਾੜੀ ਵਿਸ਼ਾ ਲਾਜ਼ਮੀ ਨਾ ਹੋਣ ਅਤੇ ਖਾਲੀ ਅਸਾਮੀਆਂ ਸਬੰਧੀ ਸਰਕਾਰ ਨੂੰ ਸਵਾਲ ਕੀਤੇ। ਉਨ੍ਹਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਨਾਲ ਜਲਦੀ ਮੀਟਿੰਗ ਕਰਵਾ ਕੇ ਮੰਗਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਐਮ.ਪੀ. ਕੰਗ ਨੇ ਇਸ ਸਬੰਧੀ ਵਿਦਿਆਰਥੀ ਆਗੂਆਂ ਨੂੰ ਨਿੱਜੀ ਤੌਰ ਤੇ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਉਨ੍ਹਾਂ ਯਕੀਨ ਦਵਾਇਆ ਕਿ ਉਹ ਵਿਦਿਆਰਥੀਆਂ ਦੀਆਂ ਮੰਗਾਂ ਪੰਜਾਬ ਸਰਕਾਰ ਅੱਗੇ ਪੇਸ਼ ਕਰਨਗੇ। ਇਸ ਮੌਕੇ ਯੂਨੀਵਰਸਿਟੀ ਵੱਲੋਂ ਡੀਨ ਖੇਤੀਬਾੜੀ ਕਾਲਜ ਡਾ. ਚਰਨਜੀਤ ਸਿੰਘ ਔਲਖ ਅਤੇ ਡਾਇਰੈਕਟਰ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਵਿਦਿਆਰਥੀਆਂ ਦੀਆਂ ਮੰਗਾਂ ਉੱਤੇ ਰਿਪੋਰਟ ਪੇਸ਼ ਕੀਤੀ। ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ਨੇ ਕਿਸਾਨ ਮੇਲੇ ਦੇ ਆਖਰੀ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਪਰਚੇ ਵੰਡੇ ਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਬਾਗਬਾਨੀ ਵਿਭਾਗ, ਮਾਰਕਫੈਡ, ਪਨਸੀਡ ਸਮੇਤ ਹੋਰਨਾਂ ਸਬੰਧਿਤ ਮਹਿਕਮਿਆਂ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ, ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਹਨਾਂ ਐਲਾਨ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਮੋਰਚਾ ਜਾਰੀ ਰਹੇਗਾ।