ਗੁਰਿੰਦਰ ਸਿੰਘ
ਲੁਧਿਆਣਾ, 25 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਵੱਲੋਂ ਪੁਲੀਸ ਕਮਿਸ਼ਨਰ ਨੂੰ ਇਕ ਸ਼ਿਕਾਇਤ ਦੇ ਕੇ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ ਜਿਸ ਵੱਲੋਂ ਇੰਸਟਾਗਰਾਮ ਤੇ ਸਿੱਖ ਕੌਮ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਕੇ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵੱਲੋਂ ਦਿੱਤੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਦੁਆਰਾ ਇੰਸਟਾਗ੍ਰਾਮ ’ਤੇ ਇਕ ਸਟੋਰੀ ਪੋਸਟ ਕੀਤੀ ਗਈ ਹੈ, ਜੋ ਨਫ਼ਰਤ ਭਰੀ, ਫਿਰਕੂ ਟਿੱਪਣੀ ਦੇ ਰੂਪ ਵਿੱਚ ਹੈ। ਉਸ ਵੱਲੋਂ ਇੱਕ ਸੰਦੇਸ਼ ਵੀ ਪਾਇਆ ਗਿਆ ਹੈ, ਜਿਸ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ‘ਖਾਲਿਸਤਾਨੀ ਅੱਤਵਾਦੀ’ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਪ੍ਰਸੰਸਾ ਵਿੱਚ ਅਤੇ ਸਿੱਖ ਕੌਮ ਦੇ ਵਿਰੋਧ ਵਿੱਚ ਕੀਤੀਆਂ ਟਿੱਪਣੀਆਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਇਸ ਕਾਰਨ ਸਿੱਖ ਭਾਈਚਾਰਾ ਦੁਖੀ ਅਤੇ ਅਪਮਾਨਿਤ ਮਹਿਸੂਸ ਕਰ ਰਿਹਾ ਹੈ। ਇਸ ਲਈ ਉਸ ਖ਼ਿਲਾਫ਼ ਕਾਰਵਾਈ ਕਰਕੇ ਸਿੱਖ ਕੌਮ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਡੰਗ, ਇੰਦਰਪਾਲ ਸਿੰਘ ਨੋਬੀ, ਨਿਤਿਨ ਗੇਂਦ, ਅਮਨਦੀਪ ਸਿੰਘ, ਸੁੱਖਵਿੰਦਰ ਸਿੰਘ ਭਾਟੀਆ, ਪੁਨੀਤ ਗੁਪਤਾ ਹਾਜ਼ਰ ਸਨ।