Khanna Municipal Council: ਪਹਿਲੀ ਵਾਰ ਖੰਨਾ ਨਗਰ ਕੌਂਸਲ ’ਤੇ ‘ਆਪ’ ਕਾਬਜ਼
ਜਤਿੰਦਰ ਪਾਠਕ ਪ੍ਰਧਾਨ ਬਣੇ; ਹਰੀਸ਼ ਗੁਪਤਾ ਸੀਨੀਅਰ ਮੀਤ ਪ੍ਰਧਾਨ ਅਤੇ ਕਰਮਜੀਤ ਸਿੰਘ ਸਿਫ਼ਤੀ-ਮੀਤ ਪ੍ਰਧਾਨ ਚੁਣੇ
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੇ ਜਾਂਦੇ ਖੰਨਾ ਸ਼ਹਿਰ ਦੀ ਨਗਰ ਕੌਂਸਲ ’ਤੇ ਅੱਜ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਉਮੀਦਵਾਰ ਜਤਿੰਦਰ ਪਾਠਕ-ਪ੍ਰਧਾਨ, ਹਰੀਸ਼ ਗੁਪਤਾ-ਸੀਨੀਅਰ ਮੀਤ ਪ੍ਰਧਾਨ ਅਤੇ ਕਰਮਜੀਤ ਸਿੰਘ ਸਿਫ਼ਤੀ-ਮੀਤ ਪ੍ਰਧਾਨ ਚੁਣੇ ਗਏ। ਜ਼ਿਕਰਯੋਗ ਹੈ ਕਿ 1953 ਤੋਂ ਲੈ ਕੇ ਹੁਣ ਤੱਕ ਇਸ ਨਗਰ ਕੌਂਸਲ ’ਤੇ ਕਾਂਗਰਸ ਪਾਰਟੀ ਦਾ ਹੀ ਕਬਜ਼ਾ ਰਿਹਾ ਹੈ ਸਿਰਫ਼ ਇਕ ਵਾਰ ਅਕਾਲੀ ਦਲ ਨੇ ਕੌਂਸਲ ’ਤੇ ਕਬਜ਼ਾ ਕੀਤਾ ਸੀ ਅਤੇ ਇਕਬਾਲ ਸਿੰਘ ਚੰਨੀ ਪ੍ਰਧਾਨ ਬਣੇ ਸਨ। ਜ਼ਿਕਰਯੋਗ ਹੈ ਕਿ ਖੰਨਾ ਦੇ 33 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ 25, ਕਾਂਗਰਸ ਨੇ 4, ਅਕਾਲੀ ਦਲ, ਭਾਜਪਾ ਅਤੇ ਆਜ਼ਾਦ ਉਮੀਦਵਾਰ ਨੇ ਇੱਕ-ਇੱਕ ਸੀਟ ਜਿੱਤੀ ਸੀ। ਪ੍ਰਧਾਨ ਜਤਿੰਦਰ ਪਾਠਕ ਪਹਿਲਾਂ ਵੀ ਕਾਂਗਰਸ ਦੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਹਨ। ਮੰਤਰੀ ਸੌਂਦ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੀ ਤਸਵੀਰ ਬਦਲ ਦਿੱਤੀ ਜਾਵੇਗੀ ਜੋ ਵਿਕਾਸ ਕਾਰਜ ਸਾਲਾਂਬੱਧੀ ਰੁਕੇ ਪਏ ਹਨ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਜਤਿੰਦਰ ਪਾਠਕ ਅਤੇ ਹੋਰ ਅਹੁਦੇਦਾਰਾਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
