ਜੋਗਿੰਦਰ ਸਿੰਘ ਓਬਰਾਏ
ਖੰਨਾ, 22 ਸਤੰਬਰ
ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਠੱਪ ਪਏ ਵਿਕਾਸ ਕਾਰਜਾਂ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਪੈ ਰਿਹਾ ਹੈ। ਨਗਰ ਕੌਂਸਲ ਵੱਲੋਂ ਕਈ ਕਈ ਮਹੀਨੇ ਪਹਿਲੇ ਟੈਂਡਰਾਂ ਦੇ ਵਰਕ ਆਰਡਰ ਭਾਵੇਂ ਜਾਰੀ ਕਰ ਦਿੱਤੇ ਗਏ ਸਨ, ਪਰ ਇਸ ਦੇ ਬਾਵਜੂਦ ਠੇਕੇਦਾਰਾਂ ਵੱਲੋਂ ਜ਼ਿਆਦਾਤਰ ਕੰਮ ਸ਼ੁਰੂ ਨਹੀਂ ਕੀਤੇ ਗਏ, ਜਿਸ ਕਾਰਨ ਸ਼ਹਿਰ ਦੇ ਵਿਕਾਸ ਲਈ ਬਣਾਈਆਂ ਸਕੀਮਾਂ ਲੋਕਾਂ ਲਈ ਫਾਇਦੇਮੰਦ ਸਾਬਤ ਨਹੀਂ ਹੋ ਰਹੀਆਂ। ਇਸ ਕਾਰਨ ਹੁਣ ਨਗਰ ਕੌਂਸਲ ਨੇ ਕੰਮ ਨਾ ਕਰਨ ਵਾਲੇ ਠੇਕੇਦਾਰਾਂ ਖਿਲਾਫ਼ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ।
ਕੌਂਸਲ ਦੀ ਐੱਮਈ ਸ਼ਾਖਾ ਵੱਲੋਂ ਸ਼ਹਿਰ ਦੇ ਵਿਕਾਸ ਨਾਲ ਸਬੰਧਤ 38 ਕੰਮਾਂ ਦੇ ਸ਼ੁਰੂ ਨਾ ਹੋਣ ਬਾਰੇ ਪਤਾ ਲੱਗਣ ’ਤੇ 15 ਠੇਕੇਦਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਨੋਟਿਸ ਅਨੁਸਾਰ ਦੋ ਦਿਨਾਂ ’ਚ ਜਵਾਬ ਮੰਗਿਆ ਗਿਆ ਸੀ ਪਰ ਜਵਾਬ ਨਾ ਮਿਲਣ ’ਤੇ ਮੁੜ ਨੋਟਿਸ ਜਾਰੀ ਕਰਨ ਦੀ ਤਿਆਰੀ ਕਰ ਲਈ ਗਈ ਹੈ। ਠੇਕੇਦਾਰਾਂ ਨੂੰ ਬਲੈਕ ਲਿਸਟ ਵੀ ਕੀਤਾ ਜਾ ਸਕਦਾ ਹੈ। ਬੀਤੇ ਦਿਨ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਂਸਲ ਦੇ ਵੱਖ ਵੱਖ ਅਧਿਕਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਕੌਂਸਲਰ ਸੁਖਮਨਜੀਤ ਸਿੰਘ ਨੇ ਸਵਾਲ ਕੀਤਾ ਕਿ ਬਹੁਤ ਸਾਰੇ ਠੇਕੇਦਾਰਾਂ ਵੱਲੋਂ ਟੈਂਡਰਾਂ ਦੇ ਵਰਕ ਆਰਡਰ ਜਾਰੀ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਕੰਮ ਸ਼ੁਰੂ ਨਹੀਂ ਕੀਤੇ ਗਏ, ਜਿਸ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੰਮ ਨਾ ਕਰਨ ਵਾਲੇ ਠੇਕੇਦਾਰਾਂ ਨੂੰ ਬਲੈਕਲਿਸਟ ਕੀਤਾ ਜਾਵੇ। ਈਓ ਗੁਰਪਾਲ ਸਿੰਘ ਨੇ ਭਰੋਸਾ ਦਿੱਤਾ ਸੀ ਕਿ ਪਹਿਲਾਂ ਅਜਿਹੇ ਠੇਕੇਦਾਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ ਤੇ ਫਿਰ ਹੀ ਉਨ੍ਹਾਂ ਨੂੰ ਬਲੈਕਲਿਸਟ ਕੀਤਾ ਜਾ ਸਕਦਾ ਹੈ। ਐੱਮਈ ਮੁਕੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਟੈਂਡਰ ਹੋਣ ਦੇ ਬਾਵਜੂਦ ਸ਼ਹਿਰ ਨਾਲ ਸਬੰਧਤ ਕਈ ਵਿਕਾਸ ਕਾਰਜ ਸ਼ੁਰੂ ਨਹੀਂ ਕੀਤੇ ਗਏ, ਜਿਸ ਉਪਰੰਤ ਜਾਂਚ ’ਚ ਪਤਾ ਲੱਗਾ ਕਿ ਕਰੀਬ 38 ਕੰਮ ਸ਼ੁਰੂ ਨਹੀਂ ਕੀਤੇ ਗਏ। ਹੁਣ ਸਬੰਧਤ 15 ਠੇਕੇਦਾਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਗਿਆ ਹੈ।