ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 18 ਮਈ
ਇਥੇ ਲਿੰਕ ਰੋਡ ’ਤੇ ਕਿਸਾਨ ਸੰਘਰਸ਼ ਮੋਰਚੇ ਨੇ ਹਰਿਆਣਾ ਦੀ ਖੱਟਰ ਹਕੂਮਤ ਅਤੇ ਅਕਾਲੀ ਦਲ (ਬ) ਦੇ ਆਗੂਆਂ ਦੀ ਅਰਥੀ ਫੂਕ ਕੇ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਨਾਅਰਿਆਂ ਦੀ ਗੂੰਜ ’ਚ ਅਰਥੀ ਨੂੰ ਲਾਂਬੂ ਲਾਇਆ ਗਿਆ। ਆਗੂਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਦੀ ਨਿਰੰਤਰਤਾ ਅਤੇ ਚੜ੍ਹਤ ਨੇ ਭਾਜਪਾ, ਅਕਾਲੀ ਤੇ ਕਾਂਗਰਸ ਸਾਰਿਆਂ ਦੇ ਸਾਹ ਸੂਤੇ ਹੋਏ ਹਨ। ਇਸੇ ਲਈ ਭਾਜਪਾ ਜਬਰ ’ਤੇ ਉਤਰੀ ਹੈ ਅਤੇ ਅਕਾਲੀ ਦਲ (ਬਾਦਲ) ਦੇ ਕੁਝ ਆਗੂ ਬੁਖਲਾਹਟ ’ਚ ਗਾਲੀ ਗਲੋਚ ’ਤੇ ਉਤਾਰੂ ਹਨ। ਸਥਾਨਕ ਰੇਲਵੇ ਪਾਰਕ ’ਚ ਚੱਲ ਰਿਹਾ ਕਿਸਾਨ ਸੰਘਰਸ਼ ਮੋਰਚਾ ਅੱਜ 230ਵੇਂ ਦਿਨ ’ਚ ਦਾਖਲ ਹੋ ਗਿਆ। ਧਰਨੇ ’ਚ ਅੱਜ ਦੇ ਦਿਨ 18 ਮਈ 1978 ਨੂੰ ਵਿਛੋੜਾ ਦੇ ਗਏ ਗਦਰੀ ਬਾਬਾ ਹਰਨਾਮ ਸਿੰਘ ਕਾਲਾ ਸੰਘਿਆਂ ਤੇ ਹੋਰਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮੇਂ ਪਹਿਲੇ ਦਿਨ ਤੋਂ ਦਿੱਲੀ ਮੋਰਚੇ ’ਤੇ ਡਟੇ ਰਹੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਝੰਡੀ ਦੇ ਵਿਛੋੜਾ ਦੇ ਗਏ 40 ਸਾਲਾ ਵੀਰ ਮੇਜਰ ਖਾਨ ਅਤੇ ਪਿੰਡ ਮਾਣੂੰਕੇ ਦੇ ਕਿਸਾਨ ਬੂਟਾ ਸਿੰਘ ਨੂੰ ਵੀ ਸਿਜਦਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਪ੍ਰਧਾਨਗੀ ਹੇਠ ਚੱਲੇ ਧਰਨੇ ਨੂੰ ਸੰਬੋਧਨ ਕਰਦਿਆ ਲੋਕ ਆਗੂ ਕੰਵਲਜੀਤ ਖੰਨਾ, ਧਰਮ ਸਿੰਘ ਸੂਜਾਪੁਰ, ਕਮਲਜੀਤ ਸਿੰਘ ਗਿੱਲ, ਜਗਦੀਸ਼ ਸਿੰਘ ਨੇ ਬੀਤੇ ਦਿਨਾਂ ’ਚ ਸੋਸ਼ਲ ਮੀਡੀਆ ’ਤੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਖ਼ਿਲਾਫ਼ ਅਕਾਲੀ ਦਲ ਦੇ ਕੁਝ ਵਿਅਕਤੀਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਸਖਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਇਸ ਤੋਂ ਬਾਜ ਆਉਣ ਦੀ ਚਿਤਾਵਨੀ ਦਿੱਤੀ ਗਈ। ਹਰਿਆਣਾ ਪੁਲੀਸ ਵੱਲੋਂ ਹਿਸਾਰ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਕਰਨ ਅਤੇ ਕਈਆਂ ਨੂੰ ਜ਼ਖ਼ਮੀ ਤੇ ਗ੍ਰਿਫ਼ਤਾਰ ਕਰਨ ਦੀ ਆਲੋਚਨਾ ਕਰਦਿਆਂ ਭਾਜਪਾਈਆਂ ਨੂੰ ਤਾਨਾਸ਼ਾਹੀ ਤੋਂ ਬਾਜ ਆਉਣ ਦੀ ਚਿਤਾਵਨੀ ਦਿੱਤੀ ਗਈ।
ਕਿਸਾਨਾਂ ਵੱਲੋਂ ਦੇਸ਼ ਭਰ ’ਚ ਕਾਲਾ ਦਿਨ ਮਨਾਉਣ ਦੀ ਤਿਆਰੀ ਜ਼ੋਰਾਂ ’ਤੇ
ਗੁਰੂਸਰ ਸੁਧਾਰ (ਸੰਤੋਖ ਗਿੱਲ): ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਲੜੀਵਾਰ ਧਰਨਾ ਜਾਰੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ 26 ਮਈ ਨੂੰ ਦਿੱਲੀ ਦੀਆਂ ਸਰਹੱਦਾਂ ਉੱਤੇ ਛੇ ਮਹੀਨੇ ਅਤੇ ਮੋਦੀ ਹਕੂਮਤ ਦੇ ਸੱਤ ਸਾਲ ਪੂਰੇ ਹੋਣ ਮੌਕੇ ਦੇਸ਼ ਭਰ ਵਿੱਚ ਕਾਲੇ ਝੰਡੇ ਲਹਿਰਾ ਕੇ, ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫ਼ੂਕ ਕੇ ਅਤੇ ਥਾਂ-ਥਾਂ ਰੋਸ ਪ੍ਰਦਰਸ਼ਨ ਕਰਕੇ ਵਿਵਾਦਿਤ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਲੜੀਵਾਰ ਧਰਨੇ ਦੀ ਅਗਵਾਈ ਕੁਲਜੀਤ ਕੌਰ ਗਰੇਵਾਲ, ਮਨਜੀਤ ਕੌਰ ਅਤੇ ਪਰਮਜੀਤ ਕੌਰ ਨੇ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿੰਡਾਂ ਵਿੱਚ 26 ਮਈ ਦੇ ਰੋਸ ਐਕਸ਼ਨ ਲਈ ਲਾਮਬੰਦੀ ਤੇਜ਼ ਕੀਤੀ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ।