ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਜੂਨ
ਜੂਨ ਚੁਰਾਸੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਵੱਖ ਵੱਖ ਗੁਰੂ-ਘਰਾਂ ਵਿੱਚ ਕਰਵਾਏ ਗਏ, ਜਿਨ੍ਹਾਂ ਵਿੱਚ ਸੰਗਤ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਜੂਨ ਚੁਰਾਸੀ ਦੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਨਾਮ ਅਭਿਆਸ ਸਮਾਗਮ ਹੋਇਆ। ਇਸ ਮੌਕੇ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਸ੍ਰੀ ਦਰਬਾਰ ਸਾਹਿਬ ਉਪਰ ਹੋਏ ਫੌਜੀ ਹਮਲੇ ਦੀ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਪਾਇਲ (ਪੱਤਰ ਪ੍ਰੇਰਕ): ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੀ ਗਲੀਆਂ, ਬੱਸ ਸਟੈਂਡ ਤੋਂ ਰਾਈਮਾਜਰਾ ਹੁੰਦਾ ਹੋਇਆ ਮੁੜ ਗੁਰੂ ਘਰ ਪੁੱਜਾ। ਸੰਗਤ ਲਈ ਥਾਂ ਲੰਗਰ ਅਤੇ ਠੰਢੇ-ਮਿੱਠੇ ਪਾਣੀ ਦੀਆਂ ਛਬੀਲਾਂ ਲਗਾਈ ਗਈਆਂ। ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਪ੍ਰਧਾਨ ਸੀਤਲ ਸਿੰਘ, ਰਾਜਿੰਦਰ ਸਿੰਘ ਢਿੱਲੋਂ, ਏ ਪੀ ਜੱਲਾ, ਪ੍ਰਧਾਨ ਸਰੂਪ ਸਿੰਘ ਨੇ ਸ਼ਿਰਕਤ ਕੀਤੀ।