ਕਿਰਤੀ ਕਿਸਾਨ ਯੂਨੀਅਨ ਵੱਲੋਂ ਟਰੰਪ ਤੇ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ
ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਅੱਜ ਨਜ਼ਦੀਕੀ ਪਿੰਡ ਮਾਣੂੰਕੇ ਵਿਖੇ ਜਗਰੂਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਦੱਸਿਆ ਕਿ ਸਯੁੰਕਤ ਕਿਸਾਨ ਮੋਰਚੇ ਵਲੋਂ 13 ਅਗਸਤ ਨੂੰ ਸਾਰੇ ਪੰਜਾਬ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਟਰੰਪ ਵੱਲੋਂ ਭਾਰਤ ਉਤੇ ਖੇਤੀ ਅਤੇ ਸਹਾਇਕ ਧੰਦਿਆਂ ਦੇ ਵਪਾਰ ਲਈ ਕਰ ਮੁਕਤ ਸਮਝੌਤਾ ਕਰਨ ਲਈ ਜੋ ਦਬਾਅ ਪਾਇਆ ਜਾ ਰਿਹਾ ਹੈ ਉਹ ਦੇਸ਼ ਦੀ ਖੇਤੀ ਅਤੇ ਕਿਸਾਨੀ ਦੇ ਹਿੱਤ ਵਿੱਚ ਨਹੀਂ। ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇ ਸਰਕਾਰ ਨੇ ਅਮਰੀਕਾ ਸਾਹਮਣੇ ਗੋਡੇ ਟੇਕੇ ਤਾਂ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਲੱਗੇ ਲੋਕਾਂ ਦੀ ਗੁਜ਼ਰ ਬਸਰ ਤਬਾਹ ਹੋ ਜਾਵੇਗੀ। ਖੇਤੀ ਅਤੇ ਸਹਾਇਕ ਧੰਦਿਆਂ ਨੂੰ ਕਰ ਮੁਕਤ ਸਮਝੌਤਿਆਂ ਵਿੱਚੋਂ ਬਾਹਰ ਰੱਖਿਆ ਜਾਵੇ। ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨੇ ਕਿਹਾ ਕਿ ਜਗਰਾਉਂ ਸ਼ਹਿਰ ਵਿੱਚ ਮੁਜ਼ਾਹਰਾ ਕਰਨ ਤੋਂ ਬਾਅਦ ਟਰੰਪ ਮੋਦੀ ਦੇ ਪੁਤਲੇ ਫੂਕੇ ਜਾਣਗੇ। ਇਸ ਸਮੇਂ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ, ਮੀਤ ਪ੍ਰਧਾਨ ਰਮਨਜੀਤ ਝੋਰੜਾਂ, ਦਰਸ਼ਨ ਸਿੰਘ, ਜਿੰਦਰ ਮਾਣੂੰਕੇ, ਗੁਰਚਰਨ ਸਿੰਘ ਰਸੂਲਪੁਰ, ਜਲੌਰ ਸਿੰਘ, ਨਿਰਮਲ ਸਿੰਘ ਫੈਰੂਰਾਈ, ਚਰਨਜੀਤ ਭੰਮੀਪੁਰਾ, ਤੇਜਾ ਸਿੰਘ, ਸੁਖਜੀਤ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ