ਕਿਰਤੀ ਕਿਸਾਨ ਯੂਨੀਅਨ ਵੱਲੋਂ ਲੈਂਡ ਪੂਲਿੰਗ ਨੀਤੀ ਵਿਰੁੱਧ ਸੰਘਰਸ਼ ਦਾ ਫ਼ੈਸਲਾ
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 5 ਜੁਲਾਈ
ਜਗਰਾਉਂ ਨੇੜਲੇ ਪਿੰਡ ਕੋਠੇ ਪੋਨਾ, ਮਲਕ ਅਤੇ ਅਲੀਗੜ੍ਹ ਦੇ ਕਿਸਾਨਾਂ ਦੀ 500 ਏਕੜ ਤੋਂ ਵਧੇਰੇ ਜ਼ਮੀਨ ਲੈਂਡ ਪੂਲਿੰਗ ਨੀਤੀ ਤਹਿਤ ਸੂਬਾ ਸਰਕਾਰ ਵੱਲੋਂ ਗ੍ਰਹਿਣ ਕਰਨ ਵਿਰੁੱਧ 7 ਜੁਲਾਈ ਨੂੰ ਹੋਣ ਵਾਲੀ ਰੋਸ ਕਾਨਫ਼ਰੰਸ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਸ਼ਮੂਲੀਅਤ ਦਾ ਫ਼ੈਸਲਾ ਕੀਤਾ ਗਿਆ ਹੈ। ਪਿੰਡ ਅੱਚਰਵਾਲ ਵਿੱਚ ਕਿਸਾਨ ਆਗੂ ਜਗਰੂਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਜ਼ੋਰ-ਜ਼ਬਰਦਸਤੀ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਕਿਸੇ ਕੀਮਤ 'ਤੇ ਸਰਕਾਰ ਮਨਸੂਬੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਘਰ ਭਰਨ ਲਈ ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬੇਹੱਦ ਕਮਜ਼ੋਰ ਕਰ ਦਿੱਤਾ ਹੈ ਅਤੇ ਇਸੇ ਦਾ ਲਾਭ ਉਠਾ ਕੇ ਸੂਬਾ ਸਰਕਾਰ ਕਿਸਾਨਾਂ ਦਾ ਉਜਾੜਾ ਕਰਨ ਦੇ ਰਾਹ ਪੈ ਗਈ ਹੈ, ਜਿਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਪੁਲੀਸ ਰਾਜ ਬਣਾ ਕੇ ਕਿਸਾਨਾਂ ਤੋਂ ਜ਼ਮੀਨ ਖੋਹਣ ਦੀ ਤਿਆਰੀ ਕਰ ਰਹੀ ਹੈ। ਹੋਰਨਾ ਤੋਂ ਇਲਾਵਾ ਮੀਤ ਪ੍ਰਧਾਨ ਰਮਨਜੀਤ ਝੋਰੜਾਂ, ਨਿਰਮਲ ਸਿੰਘ ਫੇਰੂਰਾਈ, ਸੁਖਦੇਵ ਸਿੰਘ ਚੱਕਰ, ਜਲੌਰ ਸਿੰਘ, ਜਿੰਦਰ ਮਾਣੂੰਕੇ, ਚਰਨ ਸਿੰਘ ਸਿੱਧੂ, ਗੁਰਚਰਨ ਸਿੰਘ ਅਤੇ ਦਰਸ਼ਨ ਸਿੰਘ ਨੇ ਵੀ ਮੀਟਿੰਗ ਵਿੱਚ ਭਾਗ ਲਿਆ।