ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 24 ਜੂਨ
ਸਥਾਨਕ ਰੇਲਵੇ ਪਾਰਕ ’ਚ ਕਿਸਾਨ ਸੰਘਰਸ਼ ਮੋਰਚੇ ਦਾ 267ਵਾਂ ਅੱਜ ਭਗਤ ਕਬੀਰ ਜੈਅੰਤੀ ਨੂੰ ਸਮਰਪਿਤ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਕੱਤਰ ਧਰਨਾਕਾਰੀਆਂ ਨੇ ਭਗਤ ਕਬੀਰ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਦਵਾਨ ਡਾ. ਸਾਧੂ ਸਿੰਘ ਅਤੇ ਮਾਸਟਰ ਹਰਬੰਸ ਸਿੰਘ ਅਖਾੜਾ ਨੇ ਭਗਤ ਕਬੀਰ ਦੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਬਾਣੀ ਨੂੰ ਮਨੁੱਖੀ ਜੀਵਨ ਲਈ ਰਾਹ ਦਰਸੇਵਾਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਬੀਰ ਜੀ ਨੇ ਆਪਣੇ ਜੀਵਨਕਾਲ ’ਚ ਆਪਣੇ ਹਾਸਲ ਗਿਆਨ ਰਾਹੀਂ ਹਰ ਤਰ੍ਹਾਂ ਦੀਆਂ ਰੂੜੀਵਾਦੀ ਕਦਰਾਂ ਕੀਮਤਾਂ ਖ਼ਿਲਾਫ਼ ਲੋਕਾਂ ਨੂੰ ਤਰਕ ਸਹਿਤ ਸੁਚੇਤ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਗੁਰਮੇਲ ਸਿੰਘ ਭਰੋਵਾਲ ਤੇ ਕਿਸਾਨ ਆਗੂ ਦਰਸ਼ਨ ਸਿੰਘ ਗਾਲਬਿ ਨੇ ਸਮੂਹ ਇਲਾਕਾ ਵਾਸੀਆਂ ਨੂੰ ਸ਼ਨਿਚਰਵਾਰ ਸਵੇਰੇ ਰੇਲਵੇ ਪਾਰਕ ’ਚ ਚੱਲ ਰਹੇ ਧਰਨੇ ’ਚ ਪੁੱਜਣ ਦੀ ਅਪੀਲ ਕੀਤੀ।
ਚੌਕੀਮਾਨ ਟੌਲ ਪਲਾਜ਼ਾ ’ਤੇ ਚੱਲਦੇ ਕਿਸਾਨ ਧਰਨੇ ’ਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ, ਪੇਂਡੂ ਮਜ਼ਦੂਰ ਯੂਨੀਅਨ ਅਤੇ ਹੋਰ ਜਥੇਬੰਦੀਆਂ ਨੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੇ ਹਮਾਇਤੀ ਰਾਮ ਸਿੰਘ ਰਾਣਾ ਦੇ ਹੋਟਲ ਗੋਲਡਨ ਹੱਟ ਨੂੰ ਜਾਂਦੇ ਰਾਹ ਰੋਕਣ ਅਤੇ ਪ੍ਰੇਸ਼ਾਨ ਕਰਨ ਦੀ ਨਿਖੇਧੀ ਕੀਤੀ।
‘ਖੇਤੀ ਬਚਾਓ,ਲੋਕਤੰਤਰ ਬਚਾਓ’ ਦਿਵਸ ਮਨਾਉਣ ਦੀ ਅਪੀਲ
ਖੰਨਾ (ਨਿੱਜੀ ਪੱਤਰ ਪ੍ਰੇਰਕ): ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ’ਤੇ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦਿੱਤੇ ਸੱਦੇ ’ਤੇ ‘ਖੇਤੀ ਬਚਾਉ-ਲੋਕਤੰਤਰ ਬਚਾਉ’ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਪਰੋਕਤ ਆਗੂਆਂ ਨੇ ਪਿੰਡ-ਪਿੰਡ ਜਾ ਕੇ ਇਸ ਦਿਵਸ ਨੂੰ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਮੋਦੀ ਸਰਕਾਰ ਦੀਆਂ ਮਰੀਆਂ ਜ਼ਮੀਰਾਂ ਜਗਾਈਆਂ ਜਾ ਸਕਣ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਕੋਝੀਆਂ ਚਾਲਾਂ ਤੋਂ ਬਾਜ਼ ਨਾ ਆਈ ਤਾਂ ਸੰਯੁਕਤ ਕਿਸਾਨ ਮੋਰਚੇ ਨੂੰ ਕੋਈ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਵੇਗਾ।