ਸਤਵਿੰਦਰ ਬਸਰਾ
ਲੁਧਿਆਣਾ, 2 ਜਨਵਰੀ
ਅੱਜ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿੱਚ ਲੁਧਿਆਣਾ ਜ਼ਿਲ੍ਹੇ ਵਿੱਚ ਲਗਾਏ ਧਰਨਿਆਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਜਥੇਬੰਦੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਜਗਮੋਹਨ ਸਿੰਘ ਨੇ ਸਾਰਿਆਂ ਨੂੰ ਜੀ ਆਇਆਂ ਕਹਿੰਦਿਆਂ ਇਨਕਲਾਬ-ਜ਼ਿੰਦਾਬਾਦ ਤੇ ਸਾਮਰਾਜਵਾਦ-ਮੁਰਦਾਬਾਦ ਦਾ ਸੰਦੇਸ਼ ਦਿੱਤਾ।
ਇਸ ਸਨਮਾਨ ਸਮਾਗਮ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੁਖਦੇਵ ਸਿੰਘ ਕੋਕਰੀ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਗਮੋਹਣ ਸਿੰਘ ਪਟਿਆਲ਼ਾ, ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਹੰਬੜਾਂ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਕਿਰਤੀ ਕਿਸਾਨ ਯੂਨੀਅਨ ਦੇ ਹਰਦੇਵ ਸਿੰਘ ਸੰਧੂ, ਇਨਕਲਾਬੀ ਮਜ਼ਦੂਰ ਕੇਂਦਰ ਦੇ ਕਾਮਰੇਡ ਸੁਰਿੰਦਰ ਸਿੰਘ, ਮੁੱਖ ਅਰਥ ਸ਼ਾਸਤਰੀ ਪੀਏਯੂ ਦੇ ਡਾ. ਸੁਖਪਾਲ ਸਿੰਘ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜਸਵੰਤ ਜੀਰਖ, ਆਤਮਾ ਸਿੰਘ, ਬਲਵਿੰਦਰ ਸਿੰਘ, ਕਰਤਾਰ ਸਿੰਘ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਦੇ ਸ੍ਰੀ ਜੌਹਰੀ, ਹਰਕੇਸ ਚੌਧਰੀ, ਲੋਕ ਏਕਤਾ ਸੰਗਠਨ ਦੇ ਗੱਲਰ ਚੌਹਾਨ ਆਦਿ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ।
ਕਿਸਾਨੀ ਸੰਘਰਸ਼ ਦੀ ਜਿੱਤ ਸਬੰਧੀ ਸਮਾਗਮ
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸ਼ੀ ’ਚ ਨੇੜਲੇ ਪਿੰਡ ਜੌਹਲਾਂ ਭਾਈ ਕੀ ਮੋਹੜੀ ਅਸਥਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਇਕਾਈ ਵੱਲੋਂ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਸਨ, ਜਿਨ੍ਹਾਂ ਦੇ ਅੱਜ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਮਹੰਤ ਰਾਮਦਾਸ ਜੌਹਲਾਂ ਵਾਲੇ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ, ਬਲਦੇਵ ਸਿੰਘ ਭਾਈਰੂਪਾ, ਜਗਰਾਜ ਸਿੰਘ ਹਰਦਾਸਪੁਰਾ ਜ਼ਿਲ੍ਹਾ ਪ੍ਰਧਾਨ ਬਰਨਾਲਾ ਸਮੇਤ ਵੱਖ-ਵੱਖ ਇਕਾਈਆਂ ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਹਾਜ਼ਰ ਹੋਏ। ਇਸ ਮੌਕੇ ਇਕਾਈ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਭਗਵੰਤ ਸਿੰਘ ਮਾਨ, ਕੁਲਦੀਪ ਸਿੰਘ ਕੱਦੂ ਸਮੇਤ ਹੋਰਨਾਂ ਆਗੂਆਂ ਵੱਲੋਂ ਬਾਹਰੋਂ ਆਏ ਹੋਏ ਕਿਸਾਨ ਜਥੇਬੰਦੀ ਦੇ ਆਗੂਆਂ ਇਕਾਈਆਂ ਦੇ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੰਘਰਸ਼ ’ਚ ਹਿੱਸਾ ਲੈਣ ਵਾਲੇ ਪਿੰਡ ਦੇ ਕਿਸਾਨਾਂ ਨੂੰ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ।
ਸੰਯੁਕਤ ਕਿਸਾਨ ਮੋਰਚੇ ਦਾ ਸੰਯੁਕਤ ਸਮਾਜ ਮੋਰਚੇ ਨਾਲ ਕੋਈ ਸਬੰਧ ਨਹੀਂ: ਬੁਰਜਗਿੱਲ
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਸੰਯੁਕਤ ਸਮਾਜ ਮੋਰਚੇ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਦੀ ਜਥੇਬੰਦੀ ਨਾ ਚੋਣ ਅਖਾੜੇ ਦਾ ਹਿੱਸਾ ਬਣੇਗੀ ਨਾ ਕਿਸੇ ਦੀ ਹਮਾਇਤ ਕਰੇਗੀ। ਉਹ ਹਮਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਸੰਯੁਕਤ ਕਿਸਾਨ ਮੋਰਚੇ ਨੂੰ ਕਾਇਮ ਤੇ ਤਕੜਾ ਰੱਖਣਗੇ ਕਿਉਂਕਿ ਮੁਲਤਵੀ ਹੋਇਆ ਕਿਸਾਨ ਅੰਦੋਲਨ ਕਦੇ ਵੀ ਸ਼ੁਰੂ ਕਰਨਾ ਪੈ ਸਕਦਾ ਹੈ। ਲਖੀਮਪੁਰ ਖੀਰੀ ਹਿੰਸਾ ’ਚ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਫਿਰ ਪਹਿਲਾਂ ਵਾਲੀਆਂ ਹਰਕਤਾਂ ’ਤੇ ਉਤਾਰੂ ਹੁੰਦੀ ਨਜ਼ਰ ਆ ਰਹੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।