ਪੱਤਰ ਪ੍ਰੇਰਕ
ਪਾਇਲ 11 ਅਗਸਤ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲਾਂ ਖ਼ਿਲਾਫ਼ ਆਰੰਭੇ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਪਿੰਡਾਂ ਵਿਚ ਨਾਅਰੇ ਲਿਖ ਕੇ ਅਤੇ ਪੰਚਾਇਤ ਮੈਂਬਰਾ ਨੂੰ ਚਿੱਠੀਆਂ ਦੇ ਕੇ ਜਾਗਰੂਕ ਕਰਨ ਦੇ ਨਾਲ-ਨਾਲ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਤਾਂ ਕਿ ਅਕਾਲੀ-ਭਾਜਪਾ ਸਰਕਾਰ ਦਾ ਪਿੰਡਾਂ ਤੋਂ ਲੈ ਕੇ ਸੰਸਦ ਤੱਕ ਵਿਰੋਧ ਕੀਤਾ ਜਾ ਸਕੇ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਰਨਲ ਸਕੱਤਰ ਪ੍ਰਗਟ ਸਿੰਘ ਪਨੈਚ ਅਤੇ ਬਲਾਕ ਪ੍ਰਧਾਨ ਬਲਵੰਤ ਸਿੰਘ ਰਾਜੇਵਾਲ ਨੇ ਦੱਸਿਆ ਕਿ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਆਰਡੀਨੈਂਸਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਪੂਰਾ ਸਹਿਯੋਗ ਦੇਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਅਗਸਤ ਨੂੰ ਕਿਸਾਨਾਂ ਵੱਲੋਂ ਕਾਲਾ ਦਿਵਸ ਮਨਾਉਂਦਿਆਂ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਊਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਿਸ਼ਵ ਵਪਾਰ ਸਮਝੌਤਿਆਂ ਦੇ ਤਹਿਤ ਕਿਸਾਨਾਂ ਨੂੰ ਤਬਾਹ ਕਰਕੇ ਕਾਰਪੋਰੇਟ ਘਰਾਣਿਆਂ ਲਈ ਜ਼ਮੀਨ ਤਿਆਰ ਕਰ ਰਹੀ ਹੈ। ਇਸ ਮੌਕੇ ਸੁਖਦੇਵ ਸਿੰਘ ਮਾਂਗਟ, ਜਰਨੈਲ ਸਿੰਘ ਰਾਜੇਵਾਲ ਹਾਜ਼ਰ ਸਨ।